ਲੁਧਿਆਣਾ : ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜੇ ਹੋ ਗਏ ਹਨ। ਤਾਜ਼ਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ, ਜਿੱਥੇ ਆਤਮਨਗਰ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ ਵਿਧਾਇਕ Kulwant Singh Sidhu ਨੂੰ ਜਾਨੋਂ ਮਾਰਣ ਦੀ ਧਮਕੀ ਮਿਲਣ ਦੀ ਖਬਰ ਹੈ। ਇਸ ਘਟਨਾ ਨਾਲ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।
ਸੂਤਰਾਂ ਮੁਤਾਬਕ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਧਮਕੀ ਦੇਣ ਵਾਲੇ ਵਿਅਕਤੀ ਜਾਂ ਗਰੁੱਪ ਦੀ ਪਹਿਚਾਣ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਹਾਲਾਂਕਿ ਹਾਲੇ ਤੱਕ ਇਹ ਸਪਸ਼ਟ ਨਹੀਂ ਹੋ ਸਕਿਆ ਕਿ ਧਮਕੀ ਕਿਸ ਮਾਧਿਅਮ ਰਾਹੀਂ ਦਿੱਤੀ ਗਈ ਅਤੇ ਇਸ ਦੇ ਪਿੱਛੇ ਕੀ ਕਾਰਨ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਲੁਧਿਆਣਾ ਤੋਂ ਹੀ AAP ਦੇ ਇਕ ਹੋਰ ਵਿਧਾਇਕ Ashok Parashar Pappi ਨੇ ਸੰਭਾਵਿਤ ਖਤਰੇ ਨੂੰ ਦੇਖਦੇ ਹੋਏ ਆਪਣੇ ਲਈ ਬੁਲੇਟਪ੍ਰੂਫ ਗੱਡੀ ਦਾ ਇੰਤਜ਼ਾਮ ਕੀਤਾ ਸੀ। ਲਗਾਤਾਰ ਸਾਹਮਣੇ ਆ ਰਹੀਆਂ ਅਜਿਹੀਆਂ ਘਟਨਾਵਾਂ ਨੇ ਜਨ-ਪ੍ਰਤੀਨਿਧੀਆਂ ਦੀ ਸੁਰੱਖਿਆ ਨੂੰ ਲੈ ਕੇ ਨਵੀਂ ਚਰਚਾ ਛੇੜ ਦਿੱਤੀ ਹੈ।
ਵਿਰੋਧੀ ਧਿਰ ਵੱਲੋਂ ਕਾਨੂੰਨ-ਵਿਵਸਥਾ ਦੇ ਮਸਲੇ ‘ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੁੱਲ ਮਿਲਾ ਕੇ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ‘ਤੇ ਗੰਭੀਰ ਸਵਾਲ ਖੜੇ ਹੋ ਰਹੇ ਹਨ, ਜਿੱਥੇ ਆਪਣੀ ਹੀ ਸਰਕਾਰ ਦੇ ਵਿਧਾਇਕ ਅਤੇ ਨੇਤਾ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ।





