ਵਰਕਸ਼ਾਪ ਚੌਂਕ ਨੇੜੇ ਸਥਿਤ “ਮਾਮੇ ਦੇ ਢਾਬੇ” ਵਿੱਚ ਨਜਾਇਜ਼ ਤਰੀਕੇ ਨਾਲ ਸ਼ਰਾਬ ਪਿਲਾਉਣ ਦੇ ਮਾਮਲੇ ਨੂੰ ਲੈ ਕੇ ਜਿੱਥੇ ਆਰਟੀਆਈ ਏਜੰਸੀ ਆਫ ਇੰਡੀਆ ਵੱਲੋਂ ਸ਼ਿਕਾਇਤ ਕੀਤੀ ਗਈ ਸੀ, ਉੱਥੇ ਇਸ ਮਾਮਲੇ ਵਿੱਚ ਪੁਲਿਸ ਦੀ ਕਾਰਵਾਈ ‘ਤੇ ਵੀ ਹੁਣ ਸਵਾਲ ਖੜੇ ਹੋ ਰਹੇ ਹਨ।
ਜਾਣਕਾਰੀ ਅਨੁਸਾਰ ਪੁਲਿਸ ਵੱਲੋਂ ਕਾਰਵਾਈ ਦੇ ਨਾਮ ‘ਤੇ ਢਾਬੇ ਨੂੰ ਕੁਝ ਘੰਟਿਆਂ ਲਈ ਬੰਦ ਕਰਵਾ ਦਿੱਤਾ ਗਿਆ, ਪਰ ਨਾ ਤਾਂ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਕੀਤੀ ਗਈ ਅਤੇ ਨਾ ਹੀ ਕੋਈ ਪੱਕੀ ਕਾਨੂੰਨੀ ਕਾਰਵਾਈ ਸਾਹਮਣੇ ਆਈ। ਸੂਤਰਾਂ ਦਾ ਕਹਿਣਾ ਹੈ ਕਿ ਦੁਕਾਨਦਾਰ ਨੂੰ ਕੰਮ ਬੰਦ ਕਰਵਾਉਣ ਦੇ ਡਰ ਨਾਲ ਡਰਾ ਕੇ ਮਾਮਲਾ ਰਫਾ-ਦਫਾ ਕਰ ਦਿੱਤਾ ਗਿਆ।
ਇਲਾਕੇ ਦੇ ਲੋਕਾਂ ਵਿੱਚ ਚਰਚਾ ਹੈ ਕਿ ਇਸ ਕਾਰਵਾਈ ਦੇ ਪਿੱਛੇ ਵੀ ਪੁਲਿਸ ਨੇ ਆਪਣੀਆਂ ਜੇਬਾਂ ਗਰਮ ਕਰ ਲਈਆਂ ਅਤੇ ਇਸ ਤੋਂ ਬਾਅਦ ਮਾਮਲਾ ਠੰਢੇ ਬੱਸਤੇ ਵਿੱਚ ਪਾ ਦਿੱਤਾ ਗਿਆ। ਜੇਕਰ ਇਹ ਗੱਲਾਂ ਸਹੀ ਹਨ ਤਾਂ ਇਹ ਕਾਨੂੰਨ ਦੀ ਪੂਰੀ ਤਰ੍ਹਾਂ ਉਲੰਘਣਾ ਅਤੇ ਪ੍ਰਸ਼ਾਸਨ ਦੀ ਕਾਰਵਾਈ ‘ਤੇ ਵੱਡਾ ਸਵਾਲ ਹੈ।
ਹੁਣ ਦੇਖਣਾ ਇਹ ਹੋਵੇਗਾ ਕਿ ਜਲੰਧਰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀ ਇਸ ਮਾਮਲੇ ਦੀ ਗੰਭੀਰਤਾ ਨੂੰ ਸਮਝਦੇ ਹੋਏ ਕੋਈ ਸਖ਼ਤ ਅਤੇ ਠੋਸ ਕਾਰਵਾਈ ਕਰਦੇ ਹਨ ਜਾਂ ਫਿਰ ਇਹ ਮਾਮਲਾ ਵੀ ਪਹਿਲਾਂ ਵਾਂਗ ਕਾਗਜ਼ਾਂ ਤੱਕ ਹੀ ਸੀਮਿਤ ਰਹਿ ਜਾਂਦਾ ਹੈ।
