ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਰੋਕਣ ਲਈ ਸਖ਼ਤ ਪ੍ਰਬੰਧ ਹੋਣ – ਭਾਈ ਸੁਖਜੀਤ ਸਿੰਘ ਖੋਸੇ

ਜਲੰਧਰ, 12 ਮਾਰਚ (TTP)
ਸਿੱਖ ਕੌਮ ਦੇ ਸਰਵਉੱਚ ਧਰਮ ਗ੍ਰੰਥ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵੱਖ-ਵੱਖ ਥਾਵਾਂ ‘ਤੇ ਵਾਰ-ਵਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ‘ਤੇ ਗੰਭੀਰ ਚਿੰਤਾ ਜਤਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਮੁੱਖ ਸੇਵਾਦਾਰ ਅਤੇ ਸਮਾਜ ਸੇਵੀ ਭਾਈ ਸੁਖਜੀਤ ਸਿੰਘ ਖੋਸੇ ਨੇ ਕਿਹਾ ਕਿ ਇਹ ਘਟਨਾਵਾਂ ਸਿਰਫ਼ ਸਿੱਖ ਕੌਮ ਲਈ ਹੀ ਨਹੀਂ ਸਗੋਂ ਸਮੂਹ ਇਨਸਾਨੀਅਤ ਲਈ ਵੀ ਬਹੁਤ ਦੁਖਦਾਈ ਅਤੇ ਚਿੰਤਾਜਨਕ ਹਨ।
ਭਾਈ ਖੋਸੇ ਇਸ ਸਬੰਧੀ ਅੱਜ ਐਸ.ਐਸ.ਪੀ. ਜਲੰਧਰ ਨੂੰ ਮਿਲੇ ਅਤੇ ਬੇਅਦਬੀਆਂ ਨੂੰ ਰੋਕਣ ਲਈ ਮੰਗ ਪੱਤਰ ਦਿੱਤਾ। ਐਸ.ਐਸ.ਪੀ. ਸ. ਹਰਵਿੰਦਰ ਸਿੰਘ ਵਿਰਕ ਨੇ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਲੋਕਾਂ ਨਾਲ ਮੀਟਿੰਗਾਂ ਕਰਕੇ ਸਖ਼ਤੀ ਨਾਲ ਕਾਨੂੰਨ ਨੂੰ ਲਾਗੂ ਕੀਤਾ ਜਾਵੇਗਾ।
ਭਾਈ ਖੋਸੇ ਨੇ ਅੱਗੇ ਕਿਹਾ ਕਿ ਲਗਾਤਾਰ ਵਾਪਰ ਰਹੀਆਂ ਇਹ ਮੰਦਭਾਗੀਆਂ ਘਟਨਾਵਾਂ ਕਿਤੇ ਨਾ ਕਿਤੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕੀ ਢਾਂਚੇ ਦੀ ਅਣਗਹਿਲੀ ਨੂੰ ਵੀ ਦਰਸਾਉਂਦੀਆਂ ਹਨ। ਕਈ ਮਾਮਲਿਆਂ ਵਿੱਚ ਵੇਖਿਆ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਵਿੱਚ ਪੱਕੀ ਨਿਗਰਾਨੀ ਅਤੇ ਜ਼ਿੰਮੇਵਾਰ ਸੇਵਾਦਾਰਾਂ ਦੀ ਘਾਟ ਕਾਰਨ ਅਜਿਹੀਆਂ ਘਟਨਾਵਾਂ ਨੂੰ ਮੌਕਾ ਮਿਲ ਜਾਂਦਾ ਹੈ।
ਭਾਈ ਖੋਸੇ ਨੇ ਕਿਹਾ ਕਿ ਜੇ ਗੁਰੂ ਘਰਾਂ ਵਿੱਚ ਪੱਕੇ ਤੌਰ ‘ਤੇ ਸੇਵਾਦਾਰ ਜਾਂ ਪਹਿਰੇਦਾਰ ਤਾਇਨਾਤ ਕੀਤੇ ਜਾਣ ਅਤੇ ਪ੍ਰਬੰਧਕੀ ਢਾਂਚੇ ਨੂੰ ਮਜ਼ਬੂਤ ਕੀਤਾ ਜਾਵੇ ਤਾਂ ਇਸ ਤਰ੍ਹਾਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਕਾਫ਼ੀ ਹੱਦ ਤੱਕ ਰੋਕਿਆ ਜਾ ਸਕਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਜਦੋਂ ਵੀ ਕਿਤੇ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਪੁਲਿਸ ਪ੍ਰਸ਼ਾਸਨ ਅਤੇ ਸਿੱਖ ਜਥੇਬੰਦੀਆਂ ਵਿਚਕਾਰ ਤਣਾਅ ਵਾਲਾ ਮਾਹੌਲ ਬਣ ਜਾਂਦਾ ਹੈ, ਜਿਸ ਨਾਲ ਸਥਿਤੀ ਹੋਰ ਗੰਭੀਰ ਹੋ ਜਾਂਦੀ ਹੈ, ਜਦਕਿ ਅਸਲ ਦੋਸ਼ੀ ਅਕਸਰ ਭੀੜ ਵਿੱਚੋਂ ਤਮਾਸ਼ਬੀਨ ਬਣ ਕੇ ਮਾਮਲੇ ਨੂੰ ਹੋਰ ਭੜਕਾਉਣ ਦੀ ਕੋਸ਼ਿਸ਼ ਕਰਦੇ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਗੁਰੂ ਘਰਾਂ ਦੀ ਸੁਰੱਖਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ-ਸਤਿਕਾਰ ਨੂੰ ਯਕੀਨੀ ਬਣਾਉਣ ਲਈ ਸਖ਼ਤ ਅਤੇ ਪੱਕੇ ਪ੍ਰਬੰਧ ਕਰਨੇ ਚਾਹੀਦੇ ਹਨ। ਉਨ੍ਹਾਂ ਪ੍ਰਸ਼ਾਸਨ ਨੂੰ ਵੀ ਅਪੀਲ ਕੀਤੀ ਕਿ ਇਸ ਸੰਵੇਦਨਸ਼ੀਲ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੋੜੀਂਦੇ ਕਦਮ ਚੁੱਕੇ ਜਾਣ।