ਜਲੰਧਰ ‘ਚ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਧਰਨਾ ਤੇ ਨਾਰੇਬਾਜ਼ੀ, ਮੰਗ ਪੱਤਰ ਸੌਂਪ ਕੇ ਤਿੱਖੀ ਕਾਰਵਾਈ ਦੀ ਮੰਗ

ਜਲੰਧਰ (ਸੁਮਿਤ ਕੁਮਾਰ): ਸ਼ਹਿਰ ਵਿੱਚ ਵਧ ਰਹੀਆਂ ਘਟਨਾਵਾਂ ਅਤੇ ਪੁਲਿਸ ਪ੍ਰਸ਼ਾਸਨ ਦੀ ਢਿੱਲ੍ਹੀ ਕਾਰਗੁਜ਼ਾਰੀ ਦੇ ਖ਼ਿਲਾਫ਼ ਅੱਜ ਕ੍ਰਾਂਤੀਕਾਰੀ ਪ੍ਰੈਸ ਕਲੱਬ ਅਤੇ ਏਕਤਾ ਪ੍ਰੈਸ ਐਸੋਸੀਏਸ਼ਨ ਵੱਲੋਂ ਤਿੱਖਾ ਧਰਨਾ ਪ੍ਰਦਰਸ਼ਨ ਕੀਤਾ ਗਿਆ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਜਲੰਧਰ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਰੇਬਾਜ਼ੀ ਕੀਤੀ ਗਈ ਅਤੇ ਉੱਚ ਅਧਿਕਾਰੀਆਂ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜੇ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਦੋਸ਼ ਲਗਾਇਆ ਕਿ ਸ਼ਹਿਰ ਵਿੱਚ ਗੰਭੀਰ ਸ਼ਿਕਾਇਤਾਂ ਹੋਣ ਦੇ ਬਾਵਜੂਦ ਵੀ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਨੇ ਖ਼ਾਸ ਤੌਰ ‘ਤੇ ਏਸੀਪੀ ਗਗਨਦੀਪ ਸਿੰਘ ਘੁੰਮਣ ਅਤੇ ਏਸੀਪੀ ਹੈਡਕਵਾਟਰ ਮਨਮੋਹਨ ਸਿੰਘ ‘ਤੇ ਦੋਸ਼ ਲਗਾਇਆ ਕਿ ਉਹਨਾਂ ਵੱਲੋਂ ਮਾਮਲਿਆਂ ਨੂੰ ਲਟਕਾਇਆ ਜਾ ਰਿਹਾ ਹੈ ਅਤੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਧਰਨੇ ਦੌਰਾਨ ਦੱਸਿਆ ਗਿਆ ਕਿ ਇੱਕ ਮਾਮਲੇ ਵਿੱਚ ਜਾਤੀ ਸੂਚਕ ਸ਼ਬਦਾਂ ਦੇ ਵਰਤੋਂ ਸੰਬੰਧੀ ਦਿੱਤੀ ਗਈ ਸ਼ਿਕਾਇਤ ‘ਤੇ ਕੋਈ ਤੁਰੰਤ ਕਾਰਵਾਈ ਨਹੀਂ ਹੋਈ, ਜਦਕਿ ਦੂਜੇ ਮਾਮਲੇ ਵਿੱਚ ਘਰ ਵਿੱਚ ਦਾਖਲ ਹੋ ਕੇ ਤਾਲੇ ਤੋੜ ਕੇ ਚੋਰੀ ਕਰਨ ਦੀ ਘਟਨਾ ਦੇ ਸਬੂਤ ਸੀਸੀਟੀਵੀ ਵਿੱਚ ਹੋਣ ਦੇ ਬਾਵਜੂਦ ਵੀ ਪੁਲਿਸ ਨੇ ਹਾਲੇ ਤੱਕ ਕੋਈ ਸਖ਼ਤ ਕਦਮ ਨਹੀਂ ਚੁੱਕਿਆ। ਇਸ ਤੋਂ ਇਲਾਵਾ ਬਸਤੀ ਬਾਵਾ ਖੇਲ ਥਾਣੇ ਨਾਲ ਸੰਬੰਧਿਤ ਇੱਕ ਪੁਰਾਣੇ ਮਾਮਲੇ ਵਿੱਚ ਵੀ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ਪਰਚਾ ਦਰਜ ਨਾ ਹੋਣ ਕਾਰਨ ਪੀੜਤ ਨੂੰ ਇਨਸਾਫ ਨਹੀਂ ਮਿਲ ਸਕਿਆ। ਪ੍ਰਦਰਸ਼ਨਕਾਰੀਆਂ ਵੱਲੋਂ ਪੁਲਿਸ ਕਮਿਸ਼ਨਰ ਦੇ ਖ਼ਿਲਾਫ਼ ਵੀ ਨਾਰੇਬਾਜ਼ੀ ਕੀਤੀ ਗਈ ਅਤੇ ਪੁਤਲਾ ਫੂਕਣ ਦੀ ਤਿਆਰੀ ਕੀਤੀ ਜਾ ਰਹੀ ਸੀ, ਪਰ ਮੌਕੇ ‘ਤੇ ਪਹੁੰਚੇ ਏਸੀਪੀ ਸੈਂਟਰਲ ਨੇ ਹਾਲਾਤ ਨੂੰ ਸੰਭਾਲਿਆ ਅਤੇ ਪ੍ਰਦਰਸ਼ਨਕਾਰੀਆਂ ਨੂੰ ਭਰੋਸਾ ਦਿਵਾਇਆ ਕਿ ਸਾਰੇ ਮਾਮਲਿਆਂ ‘ਤੇ ਜਲਦ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਅਪੀਲ ਕੀਤੀ ਕਿ ਕਾਨੂੰਨ ਆਪਣੇ ਹੱਥ ਵਿੱਚ ਨਾ ਲਿਆ ਜਾਵੇ ਅਤੇ ਹਰ ਪੀੜਤ ਨੂੰ ਪੂਰਾ ਇਨਸਾਫ ਦਿਵਾਇਆ ਜਾਵੇਗਾ। ਇਸ ਮੌਕੇ ਸਮਾਜ ਸੇਵੀ ਰਾਜਕੁਮਾਰ ਅਰੋੜਾ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਖੁਦ ਆਪਣੀ ਜਿੰਮੇਵਾਰੀ ਨਹੀਂ ਨਿਭਾਏਗਾ ਤਾਂ ਲੋਕਾਂ ਨੂੰ ਮਜਬੂਰਨ ਸੜਕਾਂ ‘ਤੇ ਉਤਰਨਾ ਪਵੇਗਾ। ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਕਾਰਵਾਈ ਨਾ ਹੋਈ ਤਾਂ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ। ਧਰਨੇ ਦੌਰਾਨ ਪ੍ਰਦਰਸ਼ਨਕਾਰੀਆਂ ਵੱਲੋਂ ਮੰਗ ਪੱਤਰ ਵੀ ਸੌਂਪਿਆ ਗਿਆ, ਜਿਸ ਵਿੱਚ ਮੰਗ ਕੀਤੀ ਗਈ ਕਿ ਸਾਰੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ‘ਤੇ ਨਿਪਟਾਇਆ ਜਾਵੇ ਅਤੇ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ।