ਜਲੰਧਰ, 1 ਜੂਨ (ਸੁਮਿਤ ਕੁਮਾਰ) — ਜਲੰਧਰ ਦੇ ਜੁਡੀਸ਼ਲ ਕੋਰਟ ਕੰਪਲੈਕਸ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਪੂਰੇ ਕੋਰਟ ਕੰਪਲੈਕਸ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ। ਧਮਕੀ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਹਰਕਤ ਵਿੱਚ ਆ ਗਈਆਂ ਅਤੇ ਕੋਰਟ ਕੰਪਲੈਕਸ ਦੇ ਅੰਦਰ ਅਤੇ ਬਾਹਰ ਸੁਰੱਖਿਆ ਪ੍ਰਬੰਧ ਕਈ ਗੁਣਾ ਵਧਾ ਦਿੱਤੇ ਗਏ।
ਮੌਕੇ ‘ਤੇ ਬੰਬ ਡਿਸਪੋਜ਼ਲ ਸਕੁਐਡ, ਸੁਰੱਖਿਆ ਜਾਂਚ ਟੀਮਾਂ ਅਤੇ ਪੁਲਿਸ ਦੇ ਉੱਚ ਅਧਿਕਾਰੀ ਪਹੁੰਚ ਗਏ, ਜਿਨ੍ਹਾਂ ਵੱਲੋਂ ਕੋਰਟ ਕੰਪਲੈਕਸ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਕੋਰਟ ਵਿੱਚ ਦਾਖਲ ਹੋਣ ਵਾਲੇ ਹਰ ਵਿਅਕਤੀ ਦੀ ਸਖ਼ਤ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਪੂਰੀ ਤਸੱਲੀ ਹੋਣ ਤੋਂ ਬਾਅਦ ਹੀ ਅੰਦਰ ਜਾਣ ਦੀ ਆਗਿਆ ਦਿੱਤੀ ਜਾ ਰਹੀ ਹੈ।
ਮੌਕੇ ‘ਤੇ ਡਿਊਟੀ ਨਿਭਾ ਰਹੇ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ ਕੋਰਟ ਕੰਪਲੈਕਸ ਵਿੱਚ ਰੁਟੀਨ ਅਨੁਸਾਰ ਵੀ ਚੈਕਿੰਗ ਕੀਤੀ ਜਾਂਦੀ ਹੈ, ਪਰ ਧਮਕੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਪ੍ਰਬੰਧ ਹੋਰ ਵੀ ਸਖ਼ਤ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਪ੍ਰਾਪਤ ਹਦਾਇਤਾਂ ਦੇ ਅਨੁਸਾਰ ਹਰ ਵਿਅਕਤੀ ਅਤੇ ਹਰ ਵਸਤੂ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜੇਕਰ ਕੋਈ ਵੀ ਸ਼ੱਕੀ ਵਸਤੂ ਜਾਂ ਗਤੀਵਿਧੀ ਸਾਹਮਣੇ ਆਉਂਦੀ ਹੈ ਤਾਂ ਤੁਰੰਤ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਖ਼ਬਰ ਲਿਖੇ ਜਾਣ ਤੱਕ ਕਿਸੇ ਵੀ ਤਰ੍ਹਾਂ ਦੀ ਸ਼ੱਕੀ ਚੀਜ਼ ਜਾਂ ਵਿਸਫੋਟਕ ਸਮੱਗਰੀ ਬਰਾਮਦ ਨਹੀਂ ਹੋਈ ਸੀ।
ਧਮਕੀ ਦੇ ਮੱਦੇਨਜ਼ਰ ਕੋਰਟ ਕੰਪਲੈਕਸ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ, ਜਦਕਿ ਸੁਰੱਖਿਆ ਏਜੰਸੀਆਂ ਵੱਲੋਂ ਧਮਕੀ ਭਰੇ ਈ-ਮੇਲ ਦੇ ਸਰੋਤ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਵਕੀਲਾਂ, ਮੁਕੱਦਮਿਆਂ ਨਾਲ ਸਬੰਧਤ ਲੋਕਾਂ ਅਤੇ ਆਮ ਜਨਤਾ ਵਿੱਚ ਚਿੰਤਾ ਦਾ ਮਾਹੌਲ ਪੈਦਾ ਕਰ ਦਿੱਤਾ ਹੈ।




