ਜਲੰਧਰ, 1 ਜੂਨ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੁਲਿਸ ਪ੍ਰਸ਼ਾਸਨ ਵਿੱਚ ਵੱਡੇ ਪੱਧਰ ‘ਤੇ ਫੇਰਬਦਲ ਕਰਦਿਆਂ 11 ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਅਤੇ ਨਵੀਆਂ ਨਿਯੁਕਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਪ੍ਰਸ਼ਾਸਨਿਕ ਫੇਰਬਦਲ ਦੌਰਾਨ ਜਲੰਧਰ ਪੁਲਿਸ ਕਮਿਸ਼ਨਰੇਟ ਦੀ ਕਮਾਨ ਹੁਣ ਆਈਪੀਐਸ ਅਧਿਕਾਰੀ ਸਤਿੰਦਰ ਸਿੰਘ (2010 ਬੈਚ) ਨੂੰ ਸੌਂਪੀ ਗਈ ਹੈ। ਉਹ ਇਸ ਤੋਂ ਪਹਿਲਾਂ ਲੁਧਿਆਣਾ ਰੇਂਜ ਦੇ ਡੀਆਈਜੀ ਵਜੋਂ ਸੇਵਾਵਾਂ ਨਿਭਾ ਰਹੇ ਸਨ।
ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਜਾਰੀ ਹੁਕਮਾਂ ਅਨੁਸਾਰ ਜਲੰਧਰ ਦੀ ਪੁਲਿਸ ਕਮਿਸ਼ਨਰ ਰਹੀ ਆਈਪੀਐਸ ਧਨਪ੍ਰੀਤ ਕੌਰ ਨੂੰ ਹੁਣ ਡਾਇਰੈਕਟਰ, ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ (ਐੱਮ.ਆਰ.ਐੱਸ. ਪੀ.ਪੀ.ਏ.), ਫਿਲੌਰ ਨਿਯੁਕਤ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਤਬਦੀਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਦੀ ਨਿਯੁਕਤੀ ਨੂੰ ਕਾਨੂੰਨ-ਵਿਵਸਥਾ ਦੀ ਸਥਿਤੀ ਨਾਲ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਜੇਕਰ ਪਿਛਲੇ ਕੁਝ ਸਮੇਂ ਦੀ ਗੱਲ ਕੀਤੀ ਜਾਵੇ ਤਾਂ ਜਲੰਧਰ ਜ਼ਿਲ੍ਹੇ ਵਿੱਚ ਹਰ ਤੀਸਰੇ ਦਿਨ ਕੋਈ ਨਾ ਕੋਈ ਵੱਡੀ ਅਪਰਾਧਿਕ ਘਟਨਾ ਸਾਹਮਣੇ ਆਉਂਦੀ ਰਹੀ ਹੈ। ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਗੋਲੀਆਂ ਚੱਲਣ ਦੀਆਂ ਘਟਨਾਵਾਂ, ਨਸ਼ਿਆਂ ਦੀ ਖੁੱਲ੍ਹੀ ਵਿਕਰੀ, ਨਸ਼ਾ ਤਸਕਰਾਂ ਦੀ ਸਰਗਰਮੀ, ਨਾਜਾਇਜ਼ ਤਰੀਕੇ ਨਾਲ ਚੱਲ ਰਹੇ ਸਪਾ ਸੈਂਟਰਾਂ, ਦੇਹ ਵਪਾਰ ਦੇ ਅੱਡਿਆਂ, ਸ਼ਰਾਬ ਦੀ ਤਸਕਰੀ ਅਤੇ ਹੋਰ ਕਈ ਗੈਰ-ਕਾਨੂੰਨੀ ਧੰਧਿਆਂ ਨੂੰ ਲੈ ਕੇ ਲੋਕਾਂ ਵਿੱਚ ਲਗਾਤਾਰ ਚਿੰਤਾ ਬਣੀ ਹੋਈ ਹੈ।
ਇਸ ਤੋਂ ਇਲਾਵਾ ਸ਼ਹਿਰ ਵਿੱਚ ਕਈ ਥਾਵਾਂ ‘ਤੇ ਨਾਜਾਇਜ਼ ਉਸਾਰੀਆਂ, ਗੈਰ-ਕਾਨੂੰਨੀ ਕਾਰੋਬਾਰ, ਜੂਏ ਅਤੇ ਸੱਟੇਬਾਜ਼ੀ ਨਾਲ ਜੁੜੀਆਂ ਗਤੀਵਿਧੀਆਂ ਬਾਰੇ ਵੀ ਸਮੇਂ-ਸਮੇਂ ‘ਤੇ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਰਹੀਆਂ ਹਨ। ਕਾਨੂੰਨ-ਵਿਵਸਥਾ ਨੂੰ ਲੈ ਕੇ ਵਿਰੋਧੀ ਧਿਰਾਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਵੀ ਸਵਾਲ ਉਠਾਏ ਜਾਂਦੇ ਰਹੇ ਹਨ।
ਅਜਿਹੇ ਹਾਲਾਤਾਂ ਵਿੱਚ ਸਰਕਾਰ ਵੱਲੋਂ ਜਲੰਧਰ ਦੀ ਕਮਾਨ ਸਤਿੰਦਰ ਸਿੰਘ ਨੂੰ ਸੌਂਪਣਾ ਇੱਕ ਮਹੱਤਵਪੂਰਨ ਫੈਸਲਾ ਮੰਨਿਆ ਜਾ ਰਿਹਾ ਹੈ। ਹੁਣ ਸ਼ਹਿਰ ਵਾਸੀਆਂ ਦੀਆਂ ਨਜ਼ਰਾਂ ਨਵੇਂ ਪੁਲਿਸ ਕਮਿਸ਼ਨਰ ‘ਤੇ ਟਿਕੀਆਂ ਹੋਈਆਂ ਹਨ ਕਿ ਕੀ ਉਹ ਨਸ਼ਾ ਮਾਫੀਆ, ਗੈਂਗਸਟਰ ਤੱਤਾਂ, ਸ਼ਰਾਬ ਤਸਕਰਾਂ, ਦੇਹ ਵਪਾਰ ਅਤੇ ਹੋਰ ਗੈਰ-ਕਾਨੂੰਨੀ ਕਾਰੋਬਾਰਾਂ ‘ਤੇ ਪ੍ਰਭਾਵਸ਼ਾਲੀ ਕਾਰਵਾਈ ਕਰਕੇ ਜਲੰਧਰ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਕਰਨ ਵਿੱਚ ਕਾਮਯਾਬ ਹੋਣਗੇ ਜਾਂ ਨਹੀਂ।
ਫਿਲਹਾਲ ਸਭ ਤੋਂ ਵੱਡਾ ਸਵਾਲ ਇਹੀ ਹੈ ਕਿ ਕੀ ਨਵੇਂ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਜਲੰਧਰ ਵਿੱਚ ਚੱਲ ਰਹੀਆਂ ਗੈਰ-ਕਾਨੂੰਨੀ ਗਤੀਵਿਧੀਆਂ ‘ਤੇ ਨੱਥ ਪਾ ਕੇ ਲੋਕਾਂ ਦਾ ਪੁਲਿਸ ਪ੍ਰਸ਼ਾਸਨ ‘ਤੇ ਭਰੋਸਾ ਹੋਰ ਮਜ਼ਬੂਤ ਕਰ ਸਕਣਗੇ? ਆਉਣ ਵਾਲਾ ਸਮਾਂ ਇਸ ਦਾ ਜਵਾਬ ਦੇਵੇਗਾ।

![]()


