ਜਲੰਧਰ (ਸੁਮਿਤ ਕੁਮਾਰ): ਜਲੰਧਰ ਵਿਖੇ ਸਾਈਂ ਦਾਸ ਸਕੂਲ ਗਰਾਊਂਡ ਵਿੱਚ ਕਰਵਾਇਆ ਗਿਆ ਵਿਸ਼ਾਲ ਧਾਰਮਿਕ ਸਮਾਗਮ “ਇੱਕ ਸ਼ਾਮ ਭਗਵਾਨ ਸ਼ਿਵ ਜੀ ਦੇ ਨਾਮ” ਪੂਰੇ ਪੰਜਾਬ ਵਿੱਚ ਚਰਚਾ ਦਾ ਕੇਂਦਰ ਬਣਿਆ ਹੋਇਆ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਿਰਕਤ ਕੀਤੀ। ਸਮਾਗਮ ਲਈ ਜਲੰਧਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਵੱਡੀ ਗਿਣਤੀ ਵਿੱਚ ਫਲੈਕਸ ਬੋਰਡ ਅਤੇ ਹੋਰ ਪ੍ਰਚਾਰ ਸਮੱਗਰੀ ਲਗਾਈ ਗਈ ਸੀ, ਜਿਸ ਕਾਰਨ ਇਹ ਪ੍ਰੋਗਰਾਮ ਕਾਫ਼ੀ ਚਰਚਾ ਵਿੱਚ ਰਿਹਾ।
ਸਮਾਗਮ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਅੱਗੇ “ਗੁਰੂ” ਦੀ ਬਜਾਏ “ਭਗਤ” ਸ਼ਬਦ ਦੀ ਵਰਤੋਂ ਕੀਤੇ ਜਾਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਨੂੰ ਲੈ ਕੇ ਡਾ. ਬੀ.ਆਰ. ਅੰਬੇਡਕਰ ਪਬਲਿਕ ਸੈੱਲ ਪੰਜਾਬ ਦੇ ਪ੍ਰਧਾਨ ਅਮਰੀਕ ਸਿੰਘ ਮੀਕਾ ਨੇ ਸਖ਼ਤ ਇਤਰਾਜ਼ ਜਤਾਇਆ ਹੈ।
ਅਮਰੀਕ ਸਿੰਘ ਮੀਕਾ ਨੇ ਕਿਹਾ ਕਿ ਜਲੰਧਰ ਦੀ ਧਰਤੀ ‘ਤੇ ਆ ਕੇ ਰਵਿਦਾਸੀਆ ਸਮਾਜ ਦੇ ਮਹਾਨ ਰਹਿਬਰ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਅੱਗੇ “ਗੁਰੂ” ਦੀ ਥਾਂ “ਭਗਤ” ਲਗਾਉਣਾ ਕਰੋੜਾਂ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਇਹ ਕੋਈ ਆਮ ਸ਼ਬਦਾਂ ਦੀ ਗਲਤੀ ਨਹੀਂ, ਸਗੋਂ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਬਹੁਤ ਹੀ ਸੰਵੇਦਨਸ਼ੀਲ ਮਾਮਲਾ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਆਪਣੇ ਬਿਆਨਾਂ ਅਤੇ ਸ਼ਬਦਾਂ ਦੀ ਚੋਣ ਕਰਦੇ ਸਮੇਂ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ। ਜੇਕਰ ਰਾਜ ਦਾ ਮੁੱਖ ਮੰਤਰੀ ਹੀ ਧਾਰਮਿਕ ਮਹਾਂਪੁਰਖਾਂ ਦੇ ਸਤਿਕਾਰ ਸਬੰਧੀ ਅਜਿਹੀਆਂ ਗਲਤੀਆਂ ਕਰੇਗਾ ਤਾਂ ਆਮ ਲੋਕਾਂ ਵਿੱਚ ਕੀ ਸੰਦੇਸ਼ ਜਾਵੇਗਾ।
ਅਮਰੀਕ ਸਿੰਘ ਮੀਕਾ ਨੇ ਕਿਹਾ ਕਿ ਰਵਿਦਾਸੀਆ ਸਮਾਜ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਿਹਾ ਹੈ ਅਤੇ ਪੰਜਾਬ ਭਰ ਦੀਆਂ ਗੁਰੂ ਰਵਿਦਾਸ ਨਾਮ ਲੇਵਾ ਸੰਸਥਾਵਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਖੁੱਲ੍ਹੇ ਤੌਰ ‘ਤੇ ਸਪੱਸ਼ਟੀਕਰਨ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਜਲਦੀ ਇਸ ਮਾਮਲੇ ਬਾਰੇ ਆਪਣਾ ਪੱਖ ਸਪੱਸ਼ਟ ਨਹੀਂ ਕੀਤਾ ਜਾਂਦਾ ਤਾਂ ਉਹ ਚੰਡੀਗੜ੍ਹ ਪਹੁੰਚ ਕੇ ਖੁਦ ਮੁੱਖ ਮੰਤਰੀ ਕੋਲੋਂ ਇਸ ਬਾਰੇ ਜਵਾਬ ਮੰਗਣਗੇ।
ਮੀਕਾ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਸਿਰਫ਼ ਇੱਕ ਧਾਰਮਿਕ ਸ਼ਖਸੀਅਤ ਨਹੀਂ, ਸਗੋਂ ਸਮਾਜਿਕ ਬਰਾਬਰੀ, ਮਨੁੱਖਤਾ ਅਤੇ ਇਨਸਾਫ਼ ਦੇ ਮਹਾਨ ਪ੍ਰਤੀਕ ਹਨ। ਇਸ ਲਈ ਉਨ੍ਹਾਂ ਦੇ ਸਨਮਾਨ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਲਾਪਰਵਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਰਵਿਦਾਸੀਆ ਸਮਾਜ ਆਪਣੇ ਮਹਾਨ ਰਹਿਬਰ ਦੇ ਸਤਿਕਾਰ ਲਈ ਹਰ ਪੱਧਰ ‘ਤੇ ਆਵਾਜ਼ ਉਠਾਉਂਦਾ ਰਹੇਗਾ।


