ਫਿਲੌਰ। ਬ੍ਰਹਮਪੁਰੀ ਪਿੰਡ ਵਿੱਚ ਇੱਕ ਪੱਤਰਕਾਰ (ਰਮਨ ਮਾਹੀ) ਨਾਲ ਕਥਿਤ ਤੌਰ ’ਤੇ ਧੱਕਾ-ਮੁੱਕੀ, ਗਾਲੀ-ਗਲੋਚ, ਮੋਬਾਇਲ ਫੋਨ ਖੋਹਣ ਅਤੇ ਫੋਨ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਪੱਤਰਕਾਰ ਵੱਲੋਂ ਇਹ ਵੀ ਦੋਸ਼ ਲਗਾਏ ਗਏ ਹਨ ਕਿ ਘਟਨਾ ਦੌਰਾਨ ਕਥਿਤ ਤੌਰ ’ਤੇ ਜਾਤੀਸੂਚਕ ਸ਼ਬਦਾਂ ਦੀ ਵਰਤੋਂ ਕੀਤੀ ਗਈ। ਮਾਮਲੇ ਨਾਲ ਸਬੰਧਤ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਣ ਦੀ ਗੱਲ ਵੀ ਸਾਹਮਣੇ ਆਈ ਹੈ। ਏਕਤਾ ਪ੍ਰੈਸ ਐਸੋਸੀਏਸ਼ਨ ਵੱਲੋਂ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਗਈ ਹੈ। ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਸੁਮਿਤ ਕੁਮਾਰ ਨੇ ਕਿਹਾ ਕਿ ਪੱਤਰਕਾਰ ਨਾਲ ਕਿਸੇ ਵੀ ਤਰ੍ਹਾਂ ਦੀ ਧੱਕੇਸ਼ਾਹੀ, ਧਮਕੀ ਜਾਂ ਬਦਸਲੂਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੱਤਰਕਾਰ ਵੱਲੋਂ ਲਗਾਏ ਗਏ ਦੋਸ਼ ਜਾਂਚ ਵਿੱਚ ਸਹੀ ਪਾਏ ਜਾਂਦੇ ਹਨ ਤਾਂ ਪੁਲਿਸ ਪ੍ਰਸ਼ਾਸਨ ਵੱਲੋਂ ਬਿਨਾਂ ਕਿਸੇ ਦਬਾਅ ਦੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੁਮਿਤ ਕੁਮਾਰ ਨੇ ਕਿਹਾ ਕਿ ਇਸ ਸਬੰਧੀ ਐਸਐਸਪੀ ਜਲੰਧਰ ਦਿਹਾਤੀ ਨੂੰ ਮੰਗ ਪੱਤਰ ਸੌਂਪ ਕੇ ਮਾਮਲੇ ਦੀ ਨਿਰਪੱਖ ਜਾਂਚ, ਸੀਸੀਟੀਵੀ ਫੁਟੇਜ ਨੂੰ ਸੁਰੱਖਿਅਤ ਕਰਵਾਉਣ ਅਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਵਿੱਚ ਲੋੜੀਂਦੀ ਅਤੇ ਨਿਰਪੱਖ ਕਾਰਵਾਈ ਨਾ ਕੀਤੀ ਗਈ ਤਾਂ ਏਕਤਾ ਪ੍ਰੈਸ ਐਸੋਸੀਏਸ਼ਨ ਵੱਲੋਂ ਕਾਨੂੰਨੀ ਅਤੇ ਲੋਕਤੰਤਰਿਕ ਢੰਗ ਨਾਲ ਸੰਘਰਸ਼ ਦਾ ਰਾਹ ਅਪਣਾਇਆ ਜਾਵੇਗਾ। ਉਨ੍ਹਾਂ ਸਪੱਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ ਨੂੰ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਐਸੋਸੀਏਸ਼ਨ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਤੁਰੰਤ ਜਾਂਚ ਕਰਕੇ ਦੋਸ਼ ਸਾਬਤ ਹੋਣ ਦੀ ਸੂਰਤ ਵਿੱਚ ਸੰਬੰਧਤ ਵਿਅਕਤੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ ਅਤੇ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਫਿਲੌਰ: ਪੱਤਰਕਾਰ ਨਾਲ ਕਥਿਤ ਧੱਕੇਸ਼ਾਹੀ ਮਾਮਲੇ ’ਚ ਏਕਤਾ ਪ੍ਰੈਸ ਐਸੋਸੀਏਸ਼ਨ ਵੱਲੋਂ ਸਖ਼ਤ ਨਿੰਦਾ
