ਜਲੰਧਰ: ਸ਼ਿਵਸੇਨਾ ਉੱਤਰ ਭਾਰਤ ਦੇ ਰਾਸ਼ਟਰੀ ਪ੍ਰਮੁੱਖ ਦੀਪਕ ਕੰਬੋਜ ਜਲੰਧਰੀ ਨੇ ਜਲੰਧਰ ਪੁਲਿਸ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲਏ ਜਾਣ ’ਤੇ ਗੰਭੀਰ ਚਿੰਤਾ ਜਤਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਅੱਜ ਵੀ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ ਅਤੇ ਇਨ੍ਹਾਂ ਧਮਕੀਆਂ ਦੀ ਜਾਣਕਾਰੀ ਸਬੰਧਤ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਜਾ ਚੁੱਕੀ ਹੈ।
ਦੀਪਕ ਕੰਬੋਜ ਜਲੰਧਰੀ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਜਲੰਧਰ ਪੁਲਿਸ ਵੱਲੋਂ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਿ ਵੀਰਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਵਿਦੇਸ਼ੀ ਨੰਬਰਾਂ ਤੋਂ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਨ੍ਹਾਂ ਮੁਤਾਬਕ ਇਸ ਸਬੰਧੀ ਡਿਵੀਜ਼ਨ ਨੰਬਰ 2 ਦੇ ਐੱਸ.ਐੱਚ.ਓ. ਅਤੇ ਏ.ਸੀ.ਪੀ. ਨੂੰ ਜਾਣਕਾਰੀ ਦੇਣ ਦੇ ਬਾਵਜੂਦ ਵੀ ਉਨ੍ਹਾਂ ਦੀ ਸ਼ਿਕਾਇਤ ’ਤੇ ਕੋਈ ਠੋਸ ਕਾਰਵਾਈ ਨਹੀਂ ਹੋਈ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਉਨ੍ਹਾਂ ਦੀ ਸੁਰੱਖਿਆ ਸਬੰਧੀ ਦਿੱਤੇ ਗਏ ਹੁਕਮਾਂ ਤਹਿਤ ਜੋ ਸੁਰੱਖਿਆ ਕਰਮਚਾਰੀ ਉਨ੍ਹਾਂ ਨਾਲ ਤਾਇਨਾਤ ਕੀਤੇ ਗਏ ਸਨ, ਉਹ ਜਲੰਧਰ ਪੁਲਿਸ ਵੱਲੋਂ ਵਾਪਸ ਲੈ ਲਏ ਗਏ ਹਨ। ਦੀਪਕ ਕੰਬੋਜ ਨੇ ਸਵਾਲ ਉਠਾਇਆ ਕਿ ਜੇਕਰ ਉਨ੍ਹਾਂ ਨੂੰ ਪਹਿਲਾਂ ਹੀ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਤਾਂ ਅਜਿਹੇ ਹਾਲਾਤਾਂ ਵਿੱਚ ਸੁਰੱਖਿਆ ਵਾਪਸ ਲੈਣ ਦਾ ਫੈਸਲਾ ਕਿਉਂ ਕੀਤਾ ਗਿਆ।
ਦੀਪਕ ਕੰਬੋਜ ਜਲੰਧਰੀ ਨੇ ਕਿਹਾ ਕਿ ਉਹ ਆਪਣੀ ਸੁਰੱਖਿਆ ਨੂੰ ਲੈ ਕੇ ਮੁੜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਗੇ ਅਤੇ ਲੋੜ ਪੈਣ ’ਤੇ ਸੁਪਰੀਮ ਕੋਰਟ ਤੱਕ ਵੀ ਜਾਣਗੇ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਜਾਂ ਉਨ੍ਹਾਂ ਦੇ ਪਰਿਵਾਰ ਨਾਲ ਕੋਈ ਅਣਹੋਣੀ ਵਾਪਰਦੀ ਹੈ ਤਾਂ ਇਸ ਦੀ ਜ਼ਿੰਮੇਵਾਰੀ ਕੌਣ ਲਵੇਗਾ, ਇਹ ਵੱਡਾ ਸਵਾਲ ਹੈ।
ਉਨ੍ਹਾਂ ਜਲੰਧਰ ਦੇ ਪੁਲਿਸ ਕਮਿਸ਼ਨਰ ਤੋਂ ਮੰਗ ਕੀਤੀ ਕਿ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪਹਿਲਾਂ ਵਾਪਸ ਲਏ ਗਏ ਸੁਰੱਖਿਆ ਕਰਮਚਾਰੀ ਮੁੜ ਤਾਇਨਾਤ ਕੀਤੇ ਜਾਣ। ਨਾਲ ਹੀ ਉਨ੍ਹਾਂ ਕਿਹਾ ਕਿ ਜਲੰਧਰ ਪੁਲਿਸ ਕਮਿਸ਼ਨਰ ਵੱਲੋਂ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਕੰਮ ਦੀ ਉਹ ਸ਼ਲਾਘਾ ਕਰਦੇ ਹਨ ਅਤੇ ਸ਼ਿਵਸੇਨਾ ਉੱਤਰ ਭਾਰਤ ਪੁਲਿਸ ਪ੍ਰਸ਼ਾਸਨ ਦੇ ਨਾਲ ਖੜ੍ਹੀ ਹੈ।
ਦੀਪਕ ਕੰਬੋਜ ਜਲੰਧਰੀ ਦਾ ਸਿੱਧਾ ਸਵਾਲ—ਜੇਕਰ ਮੈਨੂੰ ਕੁਝ ਹੁੰਦਾ ਹੈ ਤਾਂ ਜ਼ਿੰਮੇਵਾਰੀ ਕਿਸ ਦੀ ਹੋਵੇਗੀ?
