ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਸੁਸ਼ੀਲ ਰਿੰਕੂ ਵੱਲੋਂ ਮੁੱਖ ਮੰਤਰੀ ਮਾਨ ਨੂੰ ਕਰਾਰਾ ਜਵਾਬ

ਆਦਮਪੁਰ ਹਵਾਈ ਅੱਡੇ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਮ ‘ਤੇ ਰੱਖਣਾ ਲਗਭਗ ਤੈਅ – ਰਿੰਕੂ

  1. ਜਲੰਧਰ, 28 ਜਨਵਰੀ 2026

ਪੰਜਾਬ ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੇ ਗਏ ਟਵੀਟ ‘ਤੇ ਸਖ਼ਤ ਪਰ ਤੱਥਾਂ ਨਾਲ ਭਰਿਆ ਜਵਾਬ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਦੱਸਿਆ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 1 ਫਰਵਰੀ ਨੂੰ ਜਲੰਧਰ ਆ ਰਹੇ ਹਨ ਅਤੇ ਆਦਮਪੁਰ ਹਵਾਈ ਅੱਡੇ ‘ਤੇ ਉਤਰਣਗੇ, ਨਾਲ ਹੀ ਉਨ੍ਹਾਂ ਨੇ ਹਵਾਈ ਅੱਡੇ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਨਾਮ ‘ਤੇ ਰੱਖਣ ਦੀ ਮੰਗ ਕੀਤੀ ਸੀ।
ਸੁਸ਼ੀਲ ਰਿੰਕੂ ਨੇ ਮੁੱਖ ਮੰਤਰੀ ਦੇ ਟਵੀਟ ਨੂੰ ਰੀਟਵੀਟ ਕਰਦਿਆਂ ਕਿਹਾ ਕਿ ਇਹ ਮੰਗ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਇਸ ਸੰਬੰਧੀ ਐਲਾਨ ਵੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਦਮਪੁਰ ਹਵਾਈ ਅੱਡੇ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਮ ‘ਤੇ ਰੱਖਣਾ ਲਗਭਗ ਤੈਅ ਹੈ।ਰਿੰਕੂ ਨੇ ਦੱਸਿਆ ਕਿ ਇਸ ਮਸਲੇ ਨੂੰ ਲੈ ਕੇ ਹਵਾਬਾਜ਼ੀ ਮੰਤਰੀ ਨਾਲ ਪਹਿਲਾਂ ਹੀ ਮੀਟਿੰਗ ਹੋ ਚੁੱਕੀ ਹੈ ਅਤੇ ਕੇਂਦਰ ਸਰਕਾਰ ਇਸ ਫੈਸਲੇ ‘ਤੇ ਸਹਿਮਤ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਨੂੰ ਸਿਰਫ਼ ਟਵੀਟ ਕਰਨ ਦੀ ਬਜਾਏ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਪੰਜਾਬ ਵਿੱਚ ਲਾਗੂ ਕਰਨਾ ਚਾਹੀਦਾ ਹੈ।
ਸਾਬਕਾ ਸੰਸਦ ਮੈਂਬਰ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਜਾਣਬੁੱਝ ਕੇ ਕੇਂਦਰ ਦੀਆਂ ਪ੍ਰਸਿੱਧ ਯੋਜਨਾਵਾਂ ਜਿਵੇਂ ਕਿ ਆਯੁਸ਼ਮਾਨ ਭਾਰਤ ਯੋਜਨਾ ਅਤੇ ਫਸਲ ਬੀਮਾ ਯੋਜਨਾ ਨੂੰ ਲਾਗੂ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਦੇਸ਼ ਭਰ ਵਿੱਚ ਲੋਕਾਂ ਨੂੰ 5 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲਦਾ ਹੈ, ਪਰ ਪੰਜਾਬ ਦੇ ਲੋਕ ਇਸ ਸੁਵਿਧਾ ਤੋਂ ਵਾਂਝੇ ਹਨ।
ਰਿੰਕੂ ਨੇ ਦੱਸਿਆ ਕਿ ਪੰਜਾਬ ਦੇ ਹਸਪਤਾਲਾਂ ‘ਤੇ ਲਗਭਗ 300 ਕਰੋੜ ਰੁਪਏ ਦੇ ਬੀਮਾ ਕਲੇਮ ਬਕਾਇਆ ਹਨ, ਜਿਸ ਕਾਰਨ ਹਸਪਤਾਲ ਪੰਜਾਬ ਦੇ ਮਰੀਜ਼ਾਂ ਦਾ ਇਲਾਜ ਕਰਨ ਤੋਂ ਇਨਕਾਰ ਕਰ ਰਹੇ ਹਨ। ਹੈਰਾਨੀ ਦੀ ਗੱਲ ਇਹ ਹੈ ਕਿ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਜਾਂ ਹਰਿਆਣਾ ਤੋਂ ਆਉਣ ਵਾਲੇ ਮਰੀਜ਼ਾਂ ਦਾ ਇਲਾਜ ਤਾਂ ਕੀਤਾ ਜਾਂਦਾ ਹੈ, ਪਰ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਨਹੀਂ ਮਿਲ ਰਿਹਾ।
ਉਨ੍ਹਾਂ ਫਸਲ ਬੀਮਾ ਯੋਜਨਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਪੰਜਾਬ ਅਕਸਰ ਹੜ੍ਹਾਂ ਅਤੇ ਅੱਗ ਕਾਰਨ ਫਸਲਾਂ ਦੇ ਨੁਕਸਾਨ ਨਾਲ ਜੂਝਦਾ ਹੈ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਕਿਸਾਨਾਂ ਨੂੰ ਮੁਆਵਜ਼ਾ ਦੇਣ ਤੋਂ ਕਿਨਾਰਾ ਕਰ ਰਹੀ ਹੈ।
ਅਖੀਰ ਵਿੱਚ ਸੁਸ਼ੀਲ ਰਿੰਕੂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਟਵੀਟਬਾਜ਼ੀ ਛੱਡ ਕੇ ਸੂਬੇ ਦੀ ਭਲਾਈ ਵੱਲ ਧਿਆਨ ਦਿੱਤਾ ਜਾਵੇ ਅਤੇ ਕੇਂਦਰ ਸਰਕਾਰ ਦੀਆਂ ਲੋਕ ਹਿਤੈਸ਼ੀ ਯੋਜਨਾਵਾਂ ਨੂੰ ਤੁਰੰਤ ਪੰਜਾਬ ਵਿੱਚ ਲਾਗੂ ਕੀਤਾ ਜਾਵੇ, ਤਾਂ ਜੋ ਆਮ ਲੋਕਾਂ ਅਤੇ ਕਿਸਾਨਾਂ ਨੂੰ ਅਸਲ ਲਾਭ ਮਿਲ ਸਕੇ।
ਪਤਰਕਾਰ: ਮਨਪ੍ਰੀਤ