ਲੁਧਿਆਣਾ: ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਰੇਤ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਥਾਣਾ ਮੇਹਰਬਾਨ ਪੁਲਿਸ ਨੇ ਮਾਈਨਿੰਗ ਵਿਭਾਗ ਦੀ ਸ਼ਿਕਾਇਤ ‘ਤੇ ਅਣਪਛਾਤੇ ਮੁਲਜ਼ਮਾਂ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਪਿੰਡ ਜਮਾਲਪੁਰ ਲੇਲੀ ਦੇ ਨੇੜੇ ਸਤਲੁਜ ਦਰਿਆ ਵਿੱਚ ਗੈਰ-ਕਾਨੂੰਨੀ ਤਰੀਕੇ ਨਾਲ ਰੇਤ ਕੱਢਣ ਦੇ ਦੋਸ਼ਾਂ ਤਹਿਤ ਕੀਤੀ ਗਈ ਹੈ। 
ਜਾਂਚ ਅਧਿਕਾਰੀ ਅਤੇ ਥਾਣਾ ਮੇਹਰਬਾਨ ਦੇ ਐਸ.ਐਚ.ਓ. ਸੁਰਜੀਤ ਸਿੰਘ ਮੁਤਾਬਕ ਮਾਈਨਿੰਗ ਵਿਭਾਗ ਦੇ ਅਧਿਕਾਰੀ ਮਨਪ੍ਰੀਤ ਸਿੰਘ ਵੱਲੋਂ ਪੁਲਿਸ ਕੋਲ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ ਵਿੱਚ ਦਰਸਾਇਆ ਗਿਆ ਕਿ ਵਿਭਾਗ ਦੀ ਟੀਮ ਵੱਲੋਂ ਜਦੋਂ ਸਤਲੁਜ ਦਰਿਆ ਦੇ ਜਮਾਲਪੁਰ ਲੇਲੀ ਇਲਾਕੇ ਦਾ ਦੌਰਾ ਕੀਤਾ ਗਿਆ ਤਾਂ ਉੱਥੇ ਗੈਰ-ਕਾਨੂੰਨੀ ਤਰੀਕੇ ਨਾਲ ਰੇਤ ਦੀ ਮਾਈਨਿੰਗ ਕੀਤੀ ਜਾ ਰਹੀ ਸੀ।
ਮਾਈਨਿੰਗ ਵਿਭਾਗ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਈਨਿੰਗ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਦੋਸ਼ੀਆਂ ਦੀ ਪਛਾਣ ਲਈ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਵਿੱਚ ਹੋ ਰਹੀ ਗੈਰ-ਕਾਨੂੰਨੀ ਮਾਈਨਿੰਗ ‘ਤੇ ਨਿਗਰਾਨੀ ਵਧਾ ਦਿੱਤੀ ਗਈ ਹੈ।
ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਦੀ ਪਛਾਣ ਕਰਕੇ ਉਨ੍ਹਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਗੈਰ-ਕਾਨੂੰਨੀ ਮਾਈਨਿੰਗ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।




