ਜਲੰਧਰ ਪੁਲਿਸ ਲਾਈਨ ਵਿੱਚ ਸਪੈਸ਼ਲ ਡੀਜੀਪੀ ਦੀ ਅਹਿਮ ਮੀਟਿੰਗ, ਨਸ਼ੇ ਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ

ਜਲੰਧਰ – ਪੰਜਾਬ ਵਿੱਚ ਵੱਧ ਰਹੀ ਨਸ਼ੇ ਦੀ ਸਮੱਸਿਆ ਅਤੇ ਗੈਂਗਸਟਰ ਗਤੀਵਿਧੀਆਂ ਨੂੰ ਰੋਕਣ ਲਈ ਜਲੰਧਰ ਪੁਲਿਸ ਲਾਈਨ ਵਿੱਚ ਸਪੈਸ਼ਲ ਡੀਜੀਪੀ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜਲੰਧਰ ਕਮਿਸ਼ਨਰੇਟ ਅਤੇ ਦੇਹਾਤ ਪੁਲਿਸ ਦੇ ਉੱਚ ਅਧਿਕਾਰੀ ਵੀ ਮੌਜੂਦ ਰਹੇ।
ਮੀਟਿੰਗ ਦੌਰਾਨ ਸਪੈਸ਼ਲ ਡੀਜੀਪੀ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਦੇ ਖ਼ਿਲਾਫ਼ ਬਿਨਾਂ ਕਿਸੇ ਰਿਆਇਤ ਦੇ ਕੜੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਪੁਲਿਸ ਨੂੰ ਪੂਰੀ ਤਰ੍ਹਾਂ ਚੌਕਸ ਰਹਿਣਾ ਹੋਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ ਸ਼ੱਕੀ ਗਤੀਵਿਧੀਆਂ ‘ਤੇ ਨਜ਼ਰ ਰੱਖੀ ਜਾਵੇ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਲਗਾਤਾਰ ਛਾਪੇਮਾਰੀ ਕੀਤੀ ਜਾਵੇ। ਇਸ ਤੋਂ ਇਲਾਵਾ ਗੈਂਗਸਟਰਾਂ ਨਾਲ ਸੰਬੰਧਤ ਮਾਮਲਿਆਂ ਵਿੱਚ ਵੀ ਤੇਜ਼ੀ ਨਾਲ ਕਾਰਵਾਈ ਕਰਨ ਦੇ ਹੁਕਮ ਦਿੱਤੇ ਗਏ।
ਮੀਟਿੰਗ ਵਿੱਚ ਇਹ ਵੀ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਵਿੱਚ ਨਸ਼ੇ ਦੇ ਖ਼ਿਲਾਫ਼ ਖਾਸ ਮੁਹਿੰਮ ਚਲਾਈ ਜਾਵੇਗੀ ਅਤੇ ਲੋਕਾਂ ਨੂੰ ਵੀ ਇਸ ਬਾਰੇ ਜਾਗਰੂਕ ਕੀਤਾ ਜਾਵੇਗਾ।
Time TV Punjab
timetvpunjab.com