ਚੰਡੀਗੜ੍ਹ:
ਚੰਡੀਗੜ੍ਹ ਨਗਰ ਨਿਗਮ (Chandigarh Municipal Corporation) ਨਾਲ ਜੁੜਿਆ ਇੱਕ ਵੱਡਾ ਵਿੱਤੀ ਘੁਟਾਲਾ ਸਾਹਮਣੇ ਆਇਆ ਹੈ, ਜਿਸ ਵਿੱਚ ਲਗਭਗ ₹116.84 ਕਰੋੜ ਦੀ ਰਕਮ ਫਰਜ਼ੀ ਫਿਕਸਡ ਡਿਪਾਜ਼ਿਟ (FD) ਦੇ ਜ਼ਰੀਏ ਦਰਸਾਈ ਗਈ ਹੈ। ਨਗਰ ਨਿਗਮ ਦੀ ਸ਼ਿਕਾਇਤ ‘ਤੇ ਚੰਡੀਗੜ੍ਹ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ (EOW) ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦੇ ਮੁਤਾਬਕ, Chandigarh Smart City Limited ਤੋਂ ਨਗਰ ਨਿਗਮ ਨੂੰ ਫੰਡ ਟ੍ਰਾਂਸਫਰ ਕਰਨ ਲਈ IDFC First Bank ਵਿੱਚ ਇੱਕ ਖਾਸ ਖਾਤਾ ਖੋਲ੍ਹਿਆ ਗਿਆ ਸੀ। ਇਸ ਖਾਤੇ ਦੇ ਆਧਾਰ ‘ਤੇ ਬੈਂਕ ਮੈਨੇਜਰ ਵੱਲੋਂ ਕਈ ਫਿਕਸਡ ਡਿਪਾਜ਼ਿਟ ਰਸੀਦਾਂ (FDR) ਜਾਰੀ ਕੀਤੀਆਂ ਗਈਆਂ। ਪਰ ਬਾਅਦ ਵਿੱਚ ਜਦੋਂ ਇਹਨਾਂ ਐਫਡੀਆਰ ਦੀ ਤਸਦੀਕ ਕੀਤੀ ਗਈ ਤਾਂ ਇਹ ਫਰਜ਼ੀ ਨਿਕਲੀਆਂ, ਜਿਨ੍ਹਾਂ ਦੀ ਕੁੱਲ ਰਕਮ ਕਰੀਬ ₹116.84 ਕਰੋੜ ਦੱਸੀ ਜਾ ਰਹੀ ਹੈ।
ਜਾਂਚ ਦੌਰਾਨ IDFC First Bank ਨੇ ਪੁਲਿਸ ਨੂੰ ਦੱਸਿਆ ਕਿ ਇਹ ਸਾਰੀ ਰਕਮ ਮੁੜ ਨਗਰ ਨਿਗਮ ਦੇ ਖਾਤੇ ਵਿੱਚ ਵਾਪਸ ਜਮ੍ਹਾ ਕਰ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਇਹ ਗੜਬੜ ਲਗਭਗ ਦੋ ਮਹੀਨੇ ਪਹਿਲਾਂ ਹੋਈ ਸੀ, ਪਰ ਨਗਰ ਪ੍ਰਸ਼ਾਸਨ ਵੱਲੋਂ ਹਾਲ ਹੀ ਵਿੱਚ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਤੋਂ ਬਾਅਦ ਸੋਮਵਾਰ ਨੂੰ ਮਾਮਲਾ ਦਰਜ ਕੀਤਾ ਗਿਆ।
ਪੁਲਿਸ ਇਸ ਮਾਮਲੇ ਵਿੱਚ ਬੈਂਕ ਅਤੇ ਨਗਰ ਨਿਗਮ ਨਾਲ ਜੁੜੇ ਕਰਮਚਾਰੀਆਂ ਅਤੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਗਹਿਰਾਈ ਨਾਲ ਜਾਂਚ ਕਰ ਰਹੀ ਹੈ। ਸੂਤਰਾਂ ਮੁਤਾਬਕ ਕੁਝ ਬੈਂਕ ਕਰਮਚਾਰੀ ਵੀ ਜਾਂਚ ਦੇ ਘੇਰੇ ਵਿੱਚ ਹਨ।
ਜ਼ਿਕਰਯੋਗ ਹੈ ਕਿ ਹਰਿਆਣਾ ਵਿੱਚ 590 ਕਰੋੜ ਰੁਪਏ ਦੇ IDFC ਬੈਂਕ ਘੁਟਾਲੇ ਦੇ ਮਾਮਲੇ ਵਿੱਚ ਪਹਿਲਾਂ ਹੀ ਇੱਕ ਐਫਆਈਆਰ ਦਰਜ ਹੋ ਚੁੱਕੀ ਹੈ, ਜਿਸ ਵਿੱਚ ਬੈਂਕ ਦੇ ਸਾਬਕਾ ਮੈਨੇਜਰ ਰਿਭਵ ਰਿਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਮੌਜੂਦਾ ਮਾਮਲੇ ਵਿੱਚ ਵੀ ਉਸਦਾ ਨਾਮ ਸਾਹਮਣੇ ਆ ਰਿਹਾ ਹੈ ਅਤੇ ਪੁਲਿਸ ਇਸ ਐਂਗਲ ਤੋਂ ਵੀ ਜਾਂਚ ਕਰ ਰਹੀ ਹੈ।
ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਸੰਭਾਵਨਾ ਹੈ ਕਿ ਜਾਂਚ ਅੱਗੇ ਵਧਣ ਨਾਲ ਹੋਰ ਵੱਡੇ ਖੁਲਾਸੇ ਵੀ ਸਾਹਮਣੇ ਆ ਸਕਦੇ ਹਨ।
