ਚੰਡੀਗੜ੍ਹ: India Meteorological Department ਵੱਲੋਂ ਜਾਰੀ ਤਾਜ਼ਾ ਅਨੁਮਾਨਾਂ ਅਨੁਸਾਰ ਪੰਜਾਬ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਵਿੱਚ ਤੇਜ਼ ਵਾਧਾ ਦਰਜ ਕੀਤਾ ਜਾ ਸਕਦਾ ਹੈ, ਜਿਸ ਨਾਲ ਸੂਬੇ ਵਿੱਚ ਭਿਆਨਕ ਗਰਮੀ (ਹੀਟਵੇਵ) ਦੀ ਸਥਿਤੀ ਬਣ ਸਕਦੀ ਹੈ। ਇਸ ਮੱਦੇਨਜ਼ਰ ਸਿਹਤ ਵਿਭਾਗ ਵੱਲੋਂ ਸੂਬਾ ਵਾਸੀਆਂ ਲਈ ਐਮਰਜੈਂਸੀ ਐਡਵਾਈਜ਼ਰੀ ਜਾਰੀ ਕਰਦਿਆਂ ਲੋਕਾਂ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰੋਂ ਬਾਹਰ ਨਾ ਨਿਕਲਣ ਦੀ ਅਪੀਲ ਕੀਤੀ ਗਈ ਹੈ।
ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਜਦੋਂ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਉੱਪਰ ਚਲਾ ਜਾਂਦਾ ਹੈ ਤਾਂ ਇਸਨੂੰ ਹੀਟਵੇਵ ਮੰਨਿਆ ਜਾਂਦਾ ਹੈ, ਜੋ ਮਨੁੱਖੀ ਸਰੀਰ ਦੀ ਤਾਪਮਾਨ ਸੰਤੁਲਨ ਪ੍ਰਣਾਲੀ ਨੂੰ ਪ੍ਰਭਾਵਿਤ ਕਰਦਾ ਹੈ ਅਤੇ ਲੂ ਵਰਗੀਆਂ ਗੰਭੀਰ ਬੀਮਾਰੀਆਂ ਦਾ ਕਾਰਨ ਬਣ ਸਕਦਾ ਹੈ। ਖ਼ਾਸ ਕਰਕੇ ਬੱਚਿਆਂ, ਬੁਜ਼ੁਰਗਾਂ ਅਤੇ ਪਹਿਲਾਂ ਤੋਂ ਬੀਮਾਰ ਲੋਕਾਂ ਨੂੰ ਵਧੇਰੇ ਸਾਵਧਾਨ ਰਹਿਣ ਦੀ ਲੋੜ ਦੱਸੀ ਗਈ ਹੈ।
ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਦਿਨ ਭਰ ਵੱਧ ਤੋਂ ਵੱਧ ਪਾਣੀ ਪੀਣ, ਓਆਰਐਸ, ਲੱਸੀ ਅਤੇ ਨਿੰਬੂ ਪਾਣੀ ਵਰਗੀਆਂ ਤਰਲ ਚੀਜ਼ਾਂ ਦੀ ਵਰਤੋਂ ਕਰਨ, ਹਲਕੇ ਅਤੇ ਢਿੱਲੇ ਕੱਪੜੇ ਪਹਿਨਣ ਅਤੇ ਸਿਰ ਨੂੰ ਢੱਕ ਕੇ ਰੱਖਣ ਦੀ ਸਲਾਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਬਾਹਰੀ ਕੰਮ ਸਿਰਫ਼ ਸਵੇਰੇ ਜਾਂ ਸ਼ਾਮ ਦੇ ਠੰਡੇ ਸਮੇਂ ਵਿੱਚ ਕਰਨ ਲਈ ਕਿਹਾ ਗਿਆ ਹੈ।
ਦੂਜੇ ਪਾਸੇ, ਲੋਕਾਂ ਨੂੰ ਚਾਹ, ਕੌਫੀ, ਸ਼ਰਾਬ ਅਤੇ ਮਿੱਠੇ ਕਾਰਬੋਨੇਟਿਡ ਪਦਾਰਥਾਂ ਤੋਂ ਦੂਰ ਰਹਿਣ, ਦੁਪਹਿਰ ਦੇ ਸਮੇਂ ਭਾਰੀ ਕੰਮ ਨਾ ਕਰਨ ਅਤੇ ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਖੜ੍ਹੀਆਂ ਗੱਡੀਆਂ ਵਿੱਚ ਨਾ ਛੱਡਣ ਦੀ ਸਖ਼ਤ ਹਦਾਇਤ ਦਿੱਤੀ ਗਈ ਹੈ।
ਸਰਕਾਰ ਵੱਲੋਂ ਸੂਬੇ ਦੇ ਸਾਰੇ ਸਿਵਲ ਹਸਪਤਾਲਾਂ, ਸਬ-ਡਿਵੀਜ਼ਨਲ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ, ਤਾਂ ਜੋ ਗਰਮੀ ਨਾਲ ਸੰਬੰਧਿਤ ਮਾਮਲਿਆਂ ਨਾਲ ਨਿਪਟਣ ਲਈ ਤੁਰੰਤ ਇਲਾਜ ਮੁਹੱਈਆ ਕਰਵਾਇਆ ਜਾ ਸਕੇ।







