ਖੁਰਾਲਗੜ੍ਹ ਸਾਹਿਬ ਵਿਖੇ ਪਿਛਲੇ 2-3 ਮਹੀਨਿਆਂ ਤੋਂ ਚੱਲ ਰਹੇ ਵਿਵਾਦ ਨੂੰ ਅੱਜ ਅੰਤਿਮ ਰੂਪ ਮਿਲ ਗਿਆ, ਜਦੋਂ ਧਾਰਮਿਕ ਸਥਾਨ ਦੇ ਨੇੜੇ ਚੱਲ ਰਹੇ ਸ਼ਰਾਬ ਦੇ ਠੇਕੇ ਨੂੰ ਪੱਕੇ ਤੌਰ ‘ਤੇ ਬੰਦ ਕਰਵਾ ਦਿੱਤਾ ਗਿਆ। ਇਸ ਮਾਮਲੇ ਨੂੰ ਲੈ ਕੇ ਲਗਾਤਾਰ ਵਿਰੋਧ ਅਤੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਸਨ, ਜਿਸ ਕਾਰਨ ਪ੍ਰਸ਼ਾਸਨ ‘ਤੇ ਵੀ ਦਬਾਅ ਬਣਿਆ ਹੋਇਆ ਸੀ।
ਜਾਣਕਾਰੀ ਮੁਤਾਬਕ, ਖੁਰਾਲਗੜ੍ਹ ਸਾਹਿਬ ਤੋਂ ਬਾਬਾ ਕੇਵਲ ਸਿੰਘ ਜੀ ਵੱਲੋਂ ਸੰਦੇਸ਼ ਜਾਰੀ ਹੋਣ ਤੋਂ ਬਾਅਦ ਸੰਬੰਧਿਤ ਥਾਂ ਤੋਂ ਠੇਕਾ ਹਟਾ ਦਿੱਤਾ ਗਿਆ। ਅੱਜ ਇਸ ਮੌਕੇ ‘ਤੇ ਅੰਬੇਡਕਰ ਸੈਨਾ ਪੰਜਾਬ ਸਮੇਤ ਹੋਰ ਕਈ ਜਥੇਬੰਦੀਆਂ ਦੇ ਆਗੂ ਖੁਰਾਲਗੜ੍ਹ ਸਾਹਿਬ ਵਿਖੇ ਪਹੁੰਚੇ ਅਤੇ ਇਸ ਫੈਸਲੇ ਦਾ ਸਵਾਗਤ ਕੀਤਾ।
ਅੰਬੇਡਕਰ ਸੈਨਾ ਪੰਜਾਬ ਦੇ ਪ੍ਰਧਾਨ ਬਲਵਿੰਦਰ ਬੁੱਗਾ ਨੇ ਕਿਹਾ ਕਿ ਧਾਰਮਿਕ ਸਥਲਾਂ ਦੇ ਨੇੜੇ ਸ਼ਰਾਬ ਦੇ ਠੇਕੇ ਖੋਲ੍ਹਣਾ ਸਮਾਜਿਕ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ, ਜਿਸਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਜਥੇਬੰਦੀਆਂ ਪਹਿਲਾਂ ਵੀ ਇਸ ਤਰ੍ਹਾਂ ਦੇ ਮਸਲਿਆਂ ‘ਤੇ ਆਵਾਜ਼ ਉਠਾਉਂਦੀਆਂ ਰਹੀਆਂ ਹਨ ਅਤੇ ਅੱਗੇ ਵੀ ਸ਼ਹਿਰ ਵਿੱਚ ਕਿਸੇ ਵੀ ਧਾਰਮਿਕ ਸਥਾਨ ਦੇ ਨੇੜੇ ਇਸ ਤਰ੍ਹਾਂ ਦੀਆਂ ਦੁਕਾਨਾਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ।
ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਭਵਿੱਖ ਵਿੱਚ ਕਿਸੇ ਵੀ ਥਾਂ ਇਸ ਤਰ੍ਹਾਂ ਦੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਉਹ ਮੁੜ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟਣਗੇ। ਇਸ ਫੈਸਲੇ ਨਾਲ ਸਥਾਨਕ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।



