ਜਲੰਧਰ (ਰਜਨੀਸ਼):
ਜਲੰਧਰ ਤੋਂ ਇਕ ਬਹੁਤ ਹੀ ਸੰਵੇਦਨਸ਼ੀਲ ਅਤੇ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਬਿਲਗਾ ਥਾਣਾ ਹਲਕੇ ਦੇ ਪਿੰਡ ਪੁਆਦਰਾ ਵਿੱਚ ਇਕ ਨਾਬਾਲਿਗ ਲੜਕੀ, ਜੋ ਕਿ ਕਲਾਸ 9 ਦੀ ਵਿਦਿਆਰਥਣ ਦੱਸੀ ਜਾ ਰਹੀ ਹੈ, ਵੱਲੋਂ ਬੱਚੇ ਨੂੰ ਜਨਮ ਦਿੱਤਾ ਗਿਆ।
ਮਿਲੀ ਜਾਣਕਾਰੀ ਮੁਤਾਬਕ ਲੜਕੀ ਨੂੰ ਪੇਟ ਦਰਦ ਦੀ ਸ਼ਿਕਾਇਤ ਹੋਣ ‘ਤੇ ਉਸਦੀ ਬੁਆ ਵੱਲੋਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਜਾਂਚ ਦੌਰਾਨ ਖੁਲਾਸਾ ਕੀਤਾ ਕਿ ਲੜਕੀ ਗਰਭਵਤੀ ਹੈ ਅਤੇ ਉਸਦੀ ਤੁਰੰਤ ਡਿਲਿਵਰੀ ਕਰਨੀ ਪਵੇਗੀ। ਇਸ ਘਟਨਾ ਨੇ ਇਲਾਕੇ ਵਿੱਚ ਚਰਚਾ ਦਾ ਮਾਹੌਲ ਬਣਾਇਆ ਹੋਇਆ ਹੈ।
ਲੜਕੀ ਦੀ ਬੁਆ ਨੇ ਦੱਸਿਆ ਕਿ ਜਦੋਂ ਉਸਨੇ ਲੜਕੀ ਨਾਲ ਪੁੱਛਗਿੱਛ ਕੀਤੀ ਤਾਂ ਉਸਨੇ ਖੁਲਾਸਾ ਕੀਤਾ ਕਿ ਅਮ੍ਰਿਤਸਰ ਦੇ ਰਹਿਣ ਵਾਲੇ ਰਾਹੁਲ ਨਾਮਕ ਇਕ ਨੌਜਵਾਨ ਨੇ ਉਸ ਨਾਲ ਜਬਰ-ਜ਼ਨਾਹ ਕੀਤਾ ਸੀ।
ਇਸ ਮਾਮਲੇ ਸਬੰਧੀ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀ ਦੇ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 65(1) ਅਤੇ ਪੋਕਸੋ (POCSO) ਐਕਟ ਦੀ ਧਾਰਾ 6 ਹੇਠ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
(Time TV Punjab)



