Jalandhar: ਬਹੁਜਨ ਸਮਾਜ ਲਈ ਲਗਾਤਾਰ ਸਮਾਜ ਸੇਵਾ ਕਰ ਰਹੇ ਆਗੂ ਵਰੁਣ ਕਲੇਰ ’ਤੇ ਕੱਲ੍ਹ ਸ਼ਾਮ ਅਣਪਛਾਤੇ ਹਮਲਾਵਰਾਂ ਵੱਲੋਂ ਜਾਨਲੇਵਾ ਹਮਲਾ ਕੀਤਾ ਗਿਆ। ਇਸ ਹਮਲੇ ਵਿੱਚ ਉਹ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਅਤੇ ਇਸ ਵੇਲੇ ਅਰਮਾਨ ਹਸਪਤਾਲ ਵਿੱਚ ਇਲਾਜ ਅਧੀਨ ਹਨ, ਜਿੱਥੇ ਉਨ੍ਹਾਂ ਦੀ ਹਾਲਤ ਨਾਜੁਕ ਦੱਸੀ ਜਾ ਰਹੀ ਹੈ।
ਵਰੁਣ ਕਲੇਰ ਨੂੰ ਬਹੁਜਨ ਸਮਾਜ ਵਿੱਚ ਇਕ ਇਮਾਨਦਾਰ ਅਤੇ ਸਰਗਰਮ ਸਮਾਜ ਸੇਵੀ ਵਜੋਂ ਜਾਣਿਆ ਜਾਂਦਾ ਹੈ, ਜੋ ਹਮੇਸ਼ਾ ਗਰੀਬ ਅਤੇ ਪਿੱਛੜੇ ਵਰਗਾਂ ਦੇ ਹੱਕਾਂ ਲਈ ਅੱਗੇ ਰਹਿੰਦੇ ਹਨ। ਉਨ੍ਹਾਂ ’ਤੇ ਹੋਇਆ ਇਹ ਹਮਲਾ ਨਾ ਸਿਰਫ਼ ਨਿੰਦਣਯੋਗ ਹੈ, ਸਗੋਂ ਸਮਾਜ ਵਿੱਚ ਡਰ ਦਾ ਮਾਹੌਲ ਵੀ ਪੈਦਾ ਕਰਦਾ ਹੈ।
ਇਸ ਮਾਮਲੇ ਨੂੰ ਲੈ ਕੇ ਜਲੰਧਰ ਦੇ ਬੂਟਾ ਮੰਡੀ ਇਲਾਕੇ ਨਾਲ ਸਬੰਧਤ ਬਹੁਜਨ ਸਮਾਜ ਦੇ ਆਗੂਆਂ ਅਤੇ ਵੱਡੇ ਲੀਡਰਾਂ ਨੇ ਤਿੱਖੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਹਮਲਾਵਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਨਾ ਕੀਤੀ ਗਈ ਤਾਂ ਅੰਦੋਲਨ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਆਗੂਆਂ ਨੇ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਜੇ ਪ੍ਰਸ਼ਾਸਨ ਵੱਲੋਂ ਲਾਪਰਵਾਹੀ ਦਿਖਾਈ ਗਈ ਤਾਂ ਬਹੁਜਨ ਸਮਾਜ ਸੜਕਾਂ ’ਤੇ ਉਤਰ ਕੇ ਆਪਣਾ ਸੰਘਰਸ਼ ਤੇਜ਼ ਕਰੇਗਾ ਅਤੇ ਕਾਨੂੰਨੀ ਕਾਰਵਾਈ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰਦਰਸ਼ਨ ਕੀਤੇ ਜਾਣਗੇ।
ਸਥਾਨਕ ਲੋਕਾਂ ਅਤੇ ਸਮਾਜਕ ਸੰਸਥਾਵਾਂ ਨੇ ਵੀ ਇਸ ਘਟਨਾ ਦੀ ਕੜੀ ਨਿੰਦਾ ਕਰਦੇ ਹੋਏ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਕਰਕੇ ਕਾਨੂੰਨ ਦੇ ਘੇਰੇ ਵਿੱਚ ਲਿਆਂਦਾ ਜਾਵੇ, ਤਾਂ ਜੋ ਇਨਸਾਫ ਮਿਲ ਸਕੇ ਅਤੇ ਆਗਾਮੀ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।






