ਜਲੰਧਰ (ਸੁਮਿਤ ਕੁਮਾਰ): ਜਨਤਾ ਭਲਾਈ ਮੰਚ ਵੱਲੋਂ ਬਸਤੀ ਸ਼ੇਖ ਦੇ ਮਾਡਲ ਹਾਊਸ ਇਲਾਕੇ ਵਿੱਚ ਸਤੀ ਮੰਦਰ ਨੇੜੇ ਬਣ ਰਹੇ ਬਰਾਰ ਭਵਨ ਲਈ ਪਾਸ ਹੋਈ ਲਗਭਗ ₹49,48,000/- ਦੀ ਗ੍ਰਾਂਟ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਪਹਿਲਾਂ ਵੀ ਮਾਨਯੋਗ ਡਿਪਟੀ ਕਮਿਸ਼ਨਰ ਜਲੰਧਰ ਨੂੰ ਮੰਗ ਪੱਤਰ ਸੌਂਪਿਆ ਗਿਆ ਸੀ। ਪਰੰਤੂ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਗ੍ਰਾਂਟ ਜਾਰੀ ਨਾ ਹੋਣ ਕਾਰਨ ਇਲਾਕਾ ਨਿਵਾਸੀਆਂ ਅਤੇ ਭਾਈਚਾਰੇ ਵਿੱਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ। 
ਇਸੇ ਸਬੰਧ ਵਿੱਚ ਅੱਜ ਜਨਤਾ ਭਲਾਈ ਮੰਚ ਦੇ ਪੰਜਾਬ ਪ੍ਰਧਾਨ ਗਗਨ ਪਾਹਵਾ ਸਮੂਹ ਸੰਗਠਨ ਦੇ ਮੈਂਬਰਾਂ ਅਤੇ ਭਾਈਚਾਰੇ ਦੇ ਲੋਕਾਂ ਨੂੰ ਨਾਲ ਲੈ ਕੇ ਜ਼ਿਲਾ ਪ੍ਰਸ਼ਾਸਨ ਦਫ਼ਤਰ ਪਹੁੰਚੇ। ਉਨ੍ਹਾਂ ਨੇ ਪ੍ਰਸ਼ਾਸਨ ਕੋਲੋਂ ਇਹ ਜਾਣਕਾਰੀ ਮੰਗੀ ਕਿ ਪਹਿਲਾਂ ਦਿੱਤੇ ਮੰਗ ਪੱਤਰ ‘ਤੇ ਹੁਣ ਤੱਕ ਕੀ ਕਾਰਵਾਈ ਕੀਤੀ ਗਈ ਹੈ ਅਤੇ ਗ੍ਰਾਂਟ ਜਾਰੀ ਕਰਨ ਦੀ ਪ੍ਰਕਿਰਿਆ ਕਿੱਥੇ ਤੱਕ ਪਹੁੰਚੀ ਹੈ।
ਇਸ ਮੌਕੇ ਗਗਨ ਪਾਹਵਾ ਨੇ ਕਿਹਾ ਕਿ ਬਰਾਰ ਭਵਨ ਦੀ ਉਸਾਰੀ ਇਲਾਕੇ ਦੀ ਲੰਬੇ ਸਮੇਂ ਤੋਂ ਚੱਲ ਰਹੀ ਲੋੜ ਹੈ ਅਤੇ ਸਰਕਾਰ ਵੱਲੋਂ ਗ੍ਰਾਂਟ ਪਾਸ ਹੋਣ ਦੇ ਬਾਵਜੂਦ ਉਸਦਾ ਜਾਰੀ ਨਾ ਹੋਣਾ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਗ੍ਰਾਂਟ ਰੁਕਣ ਕਾਰਨ ਉਸਾਰੀ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ ਅਤੇ ਲੋਕਾਂ ਨੂੰ ਸਮਾਜਿਕ ਤੇ ਧਾਰਮਿਕ ਸਮਾਗਮਾਂ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਨੇ ਜ਼ਿਲਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਪਾਸ ਹੋਈ ₹49,48,000/- ਦੀ ਗ੍ਰਾਂਟ ਨੂੰ ਤੁਰੰਤ ਜਾਰੀ ਕੀਤਾ ਜਾਵੇ ਅਤੇ ਸੰਬੰਧਿਤ ਵਿਭਾਗ ਨੂੰ ਬਰਾਰ ਭਵਨ ਦੀ ਉਸਾਰੀ ਦਾ ਕੰਮ ਜਲਦੀ ਮੁਕੰਮਲ ਕਰਨ ਲਈ ਜ਼ਰੂਰੀ ਹੁਕਮ ਦਿੱਤੇ ਜਾਣ। ਨਾਲ ਹੀ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਜਲਦੀ ਕਾਰਵਾਈ ਨਾ ਹੋਈ ਤਾਂ ਭਾਈਚਾਰੇ ਅਤੇ ਸੰਗਠਨ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾ ਸਕਦਾ ਹੈ।



