ਜਲੰਧਰ, TTP 3 ਜੂਨ: ਸ਼ਿਵਸੈਨਾ ਸਮਾਜਵਾਦੀ ਦੇ ਪੰਜਾਬ ਉਪ ਪ੍ਰਭਾਰੀ ਰਾਜ ਕੁਮਾਰ ਅਰੋੜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 1984 ਦੇ ਘੱਲੂਘਾਰੇ ਦੌਰਾਨ ਸ਼ਹੀਦ ਹੋਏ ਪੰਜਾਬ ਪੁਲਿਸ, ਫੌਜ ਅਤੇ ਪੈਰਾਮਿਲਟਰੀ ਫੋਰਸਾਂ ਦੇ ਜਵਾਨਾਂ ਦੇ ਨਾਲ-ਨਾਲ ਮਾਰੇ ਗਏ ਨਿਰਦੋਸ਼ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 6 ਜੂਨ ਨੂੰ ਸ਼ਰਧਾਂਜਲੀ ਸਮਾਗਮ ਆਯੋਜਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਚੇਅਰਮੈਨ ਨਰਿੰਦਰ ਥਾਪਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਹਿਲਾਂ ਸ਼ਾਂਤੀਪੂਰਵਕ ਅਤੇ ਸ਼ਰਧਾ ਸਹਿਤ ਹਵਨ ਯੱਗ ਕਰਵਾਇਆ ਜਾਵੇਗਾ। ਇਸ ਤੋਂ ਬਾਅਦ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਅਤੇ ਨਿਰਦੋਸ਼ ਲੋਕਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਜਾਣਗੇ।
ਰਾਜ ਕੁਮਾਰ ਅਰੋੜਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਿਹਾ ਕਿ ਦੇਸ਼ ਵਿਰੋਧੀ ਗਤੀਵਿਧੀਆਂ ਅਤੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲੇ ਤੱਤਾਂ ਖਿਲਾਫ ਸਰਕਾਰ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਅਨੁਸਾਰ ਕਾਰਵਾਈ ਕਰਕੇ ਅਜਿਹੇ ਵਿਅਕਤੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਣਾ ਚਾਹੀਦਾ ਹੈ ਤਾਂ ਜੋ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣੀ ਰਹੇ।
ਇਸ ਮੌਕੇ ਸ਼ਿਵਸੈਨਾ ਸਮਾਜਵਾਦੀ ਦੇ ਆਗੂਆਂ ਨੇ ਲੋਕਾਂ ਨੂੰ 6 ਜੂਨ ਦੇ ਸਮਾਗਮ ਵਿੱਚ ਸ਼ਾਮਲ ਹੋ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਵੀ ਕੀਤੀ।

