ਜਲੰਧਰ (ਸੁਮਿਤ ਕੁਮਾਰ): ਜਲੰਧਰ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ “ਇੱਕ ਸ਼ਾਮ ਭਗਵਾਨ ਸ਼ਿਵ ਜੀ ਦੇ ਨਾਮ” ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਅੱਗੇ “ਗੁਰੂ” ਦੀ ਬਜਾਏ “ਭਗਤ” ਸ਼ਬਦ ਦੀ ਵਰਤੋਂ ਕੀਤੇ ਜਾਣ ਤੋਂ ਬਾਅਦ ਰਵਿਦਾਸੀਆ ਸਮਾਜ ਵਿੱਚ ਰੋਸ ਵਧਦਾ ਜਾ ਰਿਹਾ ਹੈ।
ਸਮਾਜ ਸੇਵੀ ਬਿੱਲਾ ਰਵਿਦਾਸੀਆ ਨੇ ਇਸ ਮਾਮਲੇ ‘ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਕਰੋੜਾਂ ਲੋਕਾਂ ਦੀ ਆਸਥਾ ਦੇ ਕੇਂਦਰ ਹਨ ਅਤੇ ਉਨ੍ਹਾਂ ਦੇ ਸਤਿਕਾਰ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਰਗੇ ਉੱਚ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਆਪਣੇ ਸ਼ਬਦਾਂ ਦੀ ਚੋਣ ਕਰਦੇ ਸਮੇਂ ਵਿਸ਼ੇਸ਼ ਸਾਵਧਾਨੀ ਵਰਤਣੀ ਚਾਹੀਦੀ ਹੈ।
ਬਿੱਲਾ ਰਵਿਦਾਸੀਆ ਨੇ ਕਿਹਾ ਕਿ ਜਲੰਧਰ ਵਿੱਚ ਹੋਏ ਇਸ ਸਮਾਗਮ ਦੀ ਪੂਰੇ ਪੰਜਾਬ ਵਿੱਚ ਚਰਚਾ ਰਹੀ ਅਤੇ ਵੱਡੇ ਪੱਧਰ ‘ਤੇ ਲੋਕ ਇਸ ਨਾਲ ਜੁੜੇ ਹੋਏ ਸਨ। ਅਜਿਹੇ ਮੰਚ ਤੋਂ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਅੱਗੇ “ਭਗਤ” ਸ਼ਬਦ ਦੀ ਵਰਤੋਂ ਕਰਨਾ ਰਵਿਦਾਸੀਆ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।
ਉਨ੍ਹਾਂ ਕਿਹਾ ਕਿ ਰਵਿਦਾਸੀਆ ਸਮਾਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦੀ ਉਮੀਦ ਕਰਦਾ ਹੈ। ਜੇਕਰ ਇਸ ਸਬੰਧੀ ਕੋਈ ਸਪੱਸ਼ਟ ਜਵਾਬ ਨਹੀਂ ਦਿੱਤਾ ਜਾਂਦਾ ਤਾਂ ਸਮਾਜ ਵੱਲੋਂ ਲੋਕਤੰਤਰੀ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਇਆ ਜਾਵੇਗਾ।
ਬਿੱਲਾ ਰਵਿਦਾਸੀਆ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਪ੍ਰਤੀਕ ਹਨ। ਇਸ ਲਈ ਉਨ੍ਹਾਂ ਦੇ ਸਨਮਾਨ ਨੂੰ ਕਾਇਮ ਰੱਖਣਾ ਹਰ ਵਿਅਕਤੀ ਅਤੇ ਹਰ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਮੰਗ ਕੀਤੀ ਕਿ ਭਵਿੱਖ ਵਿੱਚ ਅਜਿਹੀਆਂ ਗਲਤੀਆਂ ਤੋਂ ਬਚਣ ਲਈ ਜਨਤਕ ਮੰਚਾਂ ‘ਤੇ ਧਾਰਮਿਕ ਮਹਾਂਪੁਰਖਾਂ ਦੇ ਸਹੀ ਅਤੇ ਸਤਿਕਾਰਯੋਗ ਸੰਬੋਧਨ ਦੀ ਵਰਤੋਂ ਯਕੀਨੀ ਬਣਾਈ ਜਾਵੇ।


