ਜਲੰਧਰ, ਸੁਮਿਤ ਕੁਮਾਰ 17 ਜੂਨ: ਨਕੋਦਰ ਰੋਡ ਤੋਂ ਦਿਓਲ ਨਗਰ ਨੂੰ ਜਾਂਦੇ ਰਸਤੇ ‘ਤੇ, ਮਣੀ ਵੈਸ਼ਨੋ ਢਾਬੇ ਦੇ ਬਿਲਕੁਲ ਸਾਹਮਣੇ ਤੋਂ ਅੰਦਰ ਦਾਖਲ ਹੋ ਕੇ ਦਿਓਲ ਨਗਰ ਵਿਖੇ ਕੋਠੀ ਨੰਬਰ 45/11 ਦੇ ਨਾਲ ਲੱਗਦੀ ਜਗ੍ਹਾ ‘ਤੇ ਤਿੰਨ ਦੁਕਾਨਾਂ ਦੀ ਇੱਕ ਮਾਰਕੀਟ ਦੀ ਉਸਾਰੀ ਨੂੰ ਲੈ ਕੇ ਸਵਾਲ ਖੜ੍ਹੇ ਹੋ ਰਹੇ ਹਨ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਇਹ ਉਸਾਰੀ ਬਿਨਾਂ ਲੋੜੀਂਦੀਆਂ ਮਨਜ਼ੂਰੀਆਂ ਅਤੇ ਸਰਕਾਰੀ ਨਿਯਮਾਂ ਦੀ ਪਾਲਣਾ ਤੋਂ ਬਿਨਾਂ ਕੀਤੀ ਜਾ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਉਕਤ ਜਗ੍ਹਾ ‘ਤੇ ਤਿੰਨ ਵਪਾਰਕ ਦੁਕਾਨਾਂ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ, ਜਦਕਿ ਕਥਿਤ ਤੌਰ ‘ਤੇ ਨਾ ਤਾਂ ਇਨ੍ਹਾਂ ਦਾ ਬਿਲਡਿੰਗ ਪਲਾਨ ਮਨਜ਼ੂਰ ਕਰਵਾਇਆ ਗਿਆ ਹੈ, ਨਾ ਹੀ ਵਪਾਰਕ ਵਰਤੋਂ ਲਈ ਲੋੜੀਂਦੀ ਸੀਐਲਯੂ (Change of Land Use) ਪ੍ਰਾਪਤ ਕੀਤੀ ਗਈ ਹੈ ਅਤੇ ਨਾ ਹੀ ਸੰਬੰਧਿਤ ਸਰਕਾਰੀ ਫੀਸਾਂ ਜਮ੍ਹਾਂ ਕਰਵਾਈਆਂ ਗਈਆਂ ਹਨ। ਜੇਕਰ ਇਹ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਇਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਰੈਵੇਨਿਊ ਨੁਕਸਾਨ ਪਹੁੰਚਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਨਗਰ ਨਿਗਮ ਜਲੰਧਰ ਦੇ ਅਧੀਨ ਆਉਂਦੇ ਇਸ ਖੇਤਰ ਵਿੱਚ ਖੁੱਲ੍ਹੇਆਮ ਵਪਾਰਕ ਉਸਾਰੀ ਕੀਤੀ ਜਾ ਰਹੀ ਹੈ, ਪਰ ਸੰਬੰਧਿਤ ਅਧਿਕਾਰੀਆਂ ਵੱਲੋਂ ਅਜੇ ਤੱਕ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਜ਼ਰ ਨਹੀਂ ਆ ਰਹੀ। ਲੋਕਾਂ ਨੇ ਸਵਾਲ ਉਠਾਇਆ ਹੈ ਕਿ ਜੇਕਰ ਸਾਰੇ ਨਿਯਮਾਂ ਨੂੰ ਅਣਦੇਖਾ ਕਰਕੇ ਵਪਾਰਕ ਮਾਰਕੀਟਾਂ ਖੜ੍ਹੀਆਂ ਕੀਤੀਆਂ ਜਾਣਗੀਆਂ ਤਾਂ ਫਿਰ ਸਰਕਾਰ ਵੱਲੋਂ ਬਣਾਏ ਗਏ ਕਾਨੂੰਨਾਂ ਅਤੇ ਨਿਯਮਾਂ ਦੀ ਕੀ ਮਹੱਤਤਾ ਰਹਿ ਜਾਵੇਗੀ।
ਇਲਾਕਾ ਵਾਸੀਆਂ ਨੇ ਪੰਜਾਬ ਸਰਕਾਰ, ਸਥਾਨਕ ਸਰਕਾਰਾਂ ਵਿਭਾਗ ਅਤੇ ਨਗਰ ਨਿਗਮ ਜਲੰਧਰ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਮੌਕੇ ਦੀ ਤੁਰੰਤ ਜਾਂਚ ਕਰਵਾਈ ਜਾਵੇ ਅਤੇ ਜੇਕਰ ਉਸਾਰੀ ਗੈਰ-ਕਾਨੂੰਨੀ ਪਾਈ ਜਾਂਦੀ ਹੈ ਤਾਂ ਨਿਰਮਾਣ ਕਾਰਜ ਨੂੰ ਫੌਰੀ ਤੌਰ ‘ਤੇ ਰੋਕ ਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਲੋਕਾਂ ਦਾ ਕਹਿਣਾ ਹੈ ਕਿ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਕੀਤੀਆਂ ਜਾ ਰਹੀਆਂ ਕਥਿਤ ਗੈਰ-ਕਾਨੂੰਨੀ ਉਸਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਂ ਦੀ ਲੋੜ ਹੈ ਤਾਂ ਜੋ ਸਰਕਾਰੀ ਰੈਵੇਨਿਊ ਦੀ ਚੋਰੀ ਅਤੇ ਨਿਯਮਾਂ ਦੀ ਉਲੰਘਣਾ ਨੂੰ ਰੋਕਿਆ ਜਾ ਸਕੇ।



