ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਵਿਕਾਸ ਲਈ ਵਚਨਬੱਧ, 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕਜੁੱਟ ਹੋਣ ਦਾ ਲਿਆ ਅਹਿਦ

ਹੁਸ਼ਿਆਰਪੁਰ,08 ਜੁਲਾਈ (ਹਰਵਿੰਦਰ ਸਿੰਘ ਭੁੰਗਰਨੀ) ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਜੀਵ ਤਲਵਾੜ ਨੇ ਪਾਰਟੀ ਉਮੀਦਵਾਰਾਂ ਨਾਲ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਸੰਜੀਵ ਤਲਵਾੜ ਨੇ ਕਿਹਾ ਕਿ ਬੇਸ਼ੱਕ ਜਨਤਾ ਨੇ ਫਤਵਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਦਿੱਤਾ ਹੈ, ਪਰ ਸ਼੍ਰੋਮਣੀ ਅਕਾਲੀ ਦਲ ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਲਈ ਆਪਣਾ ਪੂਰਨ ਸਹਿਯੋਗ ਦੇਵੇਗਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਪੰਜਾਬ ਦੇ ਅਮਨ, ਭਾਈਚਾਰੇ ਅਤੇ ਸ਼ਾਂਤੀ ਲਈ ਹਮੇਸ਼ਾ ਅਗਾਂਹਵਧੂ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਸ ਗੱਲ ‘ਤੇ ਪਹਿਰਾ ਦਿੱਤਾ ਜਾਵੇਗਾ। ਤਲਵਾੜ ਨੇ ‘ਤਕੜੀ’ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨ ਵਾਲੇ ਉਮੀਦਵਾਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਵਾਰਡਾਂ ਵਿੱਚ ਹਰ ਜ਼ਰੂਰਤਮੰਦ ਦੀ ਮਦਦ ਲਈ ਅੱਗੇ ਆਉਣ ਅਤੇ ਪਛੜੇ ਹੋਏ ਵਿਕਾਸ ਕਾਰਜਾਂ ਨੂੰ ਪੂਰਾ ਕਰਵਾਉਣ ਲਈ ਯਤਨ ਤੇਜ਼ ਕਰਨ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸ਼ਹਿਰੀ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਵਿਕਾਸ ਦੀ ਰਾਜਨੀਤੀ ਲਈ ਜਾਣਿਆ ਜਾਂਦਾ ਹੈ। ਨਗਰ ਨਿਗਮ ਦੇ ਵਿਕਾਸ ਲਈ ਪਾਰਟੀ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਭਰੋਸਾ ਦਿਵਾਇਆ ਕਿ ਚੋਣ ਮੈਦਾਨ ਵਿੱਚ ਉਤਰਨ ਵਾਲੇ ਸਾਰੇ ਉਮੀਦਵਾਰਾਂ ਦਾ ਪਾਰਟੀ ਵਿੱਚ ਪੂਰਾ ਮਾਨ-ਸਨਮਾਨ ਕੀਤਾ ਜਾਵੇਗਾ।2027 ਦੀਆਂ ਚੋਣਾਂ ਲਈ ਬਿਗੁਲ ਫੂਕਿਆ। ਲਾਲੀ ਬਾਜਵਾ ਨੇ ਐਲਾਨ ਕੀਤਾ ਕਿ ਸਾਰੇ ਆਗੂ ਅਤੇ ਵਰਕਰ ਸਾਲ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਅੱਜ ਤੋਂ ਹੀ ਇੱਕਜੁੱਟ ਹੋ ਕੇ ਕੰਮ ਸ਼ੁਰੂ ਕਰਨਗੇ। ਇਸ ਮੌਕੇ ਹਾਜ਼ਰ ਸਾਰੇ ਉਮੀਦਵਾਰਾਂ ਨੇ ਇੱਕਸੁਰ ਹੁੰਦਿਆਂ ਪਾਰਟੀ ਦੀ ਮਜ਼ਬੂਤੀ ਅਤੇ 2027 ਦੀਆਂ ਚੋਣਾਂ ਵਿੱਚ ਵੱਡਾ ਯੋਗਦਾਨ ਪਾਉਣ ਦਾ ਪੂਰਨ ਵਾਅਦਾ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨਗਰ ਨਿਗਮ ਦੇ ਸਾਰੇ ਉਮੀਦਵਾਰਾਂ ਦੇ ਨਾਲ ਬਾਕੀ ਅਹੁਦੇਦਾਰ ਵੀ ਹਾਜ਼ਰ ਸਨ।