ਮਿੱਠਾਪੁਰ ‘ਚ ਨਜਾਇਜ਼ ਕਮਰਸ਼ੀਅਲ ਉਸਾਰੀ ‘ਤੇ ਸਵਾਲ, ਸ਼ਿਕਾਇਤ ਦੇ ਬਾਵਜੂਦ ਨਗਰ ਨਿਗਮ ਦੀ ਚੁੱਪੀ

ਜਲੰਧਰ (ਸੁਮਿਤ ਕੁਮਾਰ) , ਮਿੱਠਾਪੁਰ ਇਲਾਕੇ ਵਿੱਚ Amer General Store ਦੇ ਨਾਲ ਲੱਗਦੀ ਇੱਕ ਦੁਕਾਨ ਅਤੇ ਕਮਰਸ਼ੀਅਲ ਗੋਦਾਮ ਹਾਲ ਦੀ ਕਥਿਤ ਨਜਾਇਜ਼ ਉਸਾਰੀ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਇਲਾਕਾ ਨਿਵਾਸੀਆਂ ਦਾ ਦੋਸ਼ ਹੈ ਕਿ ਉਕਤ ਇਮਾਰਤ ਬਿਨਾਂ ਲੋੜੀਂਦੀਆਂ ਮਨਜ਼ੂਰੀਆਂ ਅਤੇ ਨਿਯਮਾਂ ਦੀ ਪਾਲਣਾ ਕੀਤੇ ਤਿਆਰ ਕੀਤੀ ਜਾ ਰਹੀ ਹੈ, ਜਿਸ ਕਾਰਨ ਸਰਕਾਰੀ ਖਜ਼ਾਨੇ ਨੂੰ ਰੈਵਨਿਊ ਦਾ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ। ਇਸ ਮਾਮਲੇ ਸਬੰਧੀ ਆਰ. ਕੇ. ਨਾਹਰ ਵੱਲੋਂ ਨਗਰ ਨਿਗਮ ਜਲੰਧਰ ਦੇ ਕਮਿਸ਼ਨਰ ਨੂੰ ਲਿਖਤੀ ਸ਼ਿਕਾਇਤ ਦੇ ਕੇ ਦੋਸ਼ ਲਗਾਇਆ ਗਿਆ ਹੈ ਕਿ ਉਕਤ ਕਮਰਸ਼ੀਅਲ ਉਸਾਰੀ ਪੂਰੀ ਤਰ੍ਹਾਂ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਕੀਤੀ ਜਾ ਰਹੀ ਹੈ।ਸ਼ਿਕਾਇਤ ਵਿੱਚ ਮੰਗ ਕੀਤੀ ਗਈ ਹੈ ਕਿ ਮਾਮਲੇ ਦੀ ਜਾਂਚ ਕਰਕੇ ਪੰਜਾਬ ਮਿਊਂਸਿਪਲ ਕਾਰਪੋਰੇਸ਼ਨ ਐਕਟ ਅਤੇ ਬਿਲਡਿੰਗ ਬਾਈਲਾਜ਼ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸ਼ਿਕਾਇਤਕਰਤਾ ਦਾ ਕਹਿਣਾ ਹੈ ਕਿ ਲਿਖਤੀ ਸ਼ਿਕਾਇਤ ਦਿੱਤੇ ਜਾਣ ਦੇ ਬਾਵਜੂਦ ਅਜੇ ਤੱਕ ਨਗਰ ਨਿਗਮ ਵੱਲੋਂ ਕੋਈ ਠੋਸ ਕਾਰਵਾਈ ਸਾਹਮਣੇ ਨਹੀਂ ਆਈ, ਜਿਸ ਕਾਰਨ ਸਥਾਨਕ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਲੋਕਾਂ ਦਾ ਸਵਾਲ ਹੈ ਕਿ ਜੇਕਰ ਕਥਿਤ ਨਿਯਮਾਂ ਦੀ ਉਲੰਘਣਾ ਹੋ ਰਹੀ ਹੈ ਤਾਂ ਸੰਬੰਧਤ ਵਿਭਾਗ ਇਸ ਨੂੰ ਰੋਕਣ ਲਈ ਅੱਗੇ ਕਿਉਂ ਨਹੀਂ ਆ ਰਿਹਾ।

ਇਲਾਕਾ ਵਾਸੀਆਂ ਨੇ ਨਗਰ ਨਿਗਮ ਜਲੰਧਰ ਤੋਂ ਮੰਗ ਕੀਤੀ ਹੈ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਉਸਾਰੀ ਨਾਲ ਸਬੰਧਤ ਮਨਜ਼ੂਰਸ਼ੁਦਾ ਨਕਸ਼ੇ, ਫੀਸਾਂ ਅਤੇ ਹੋਰ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇ ਅਤੇ ਜੇਕਰ ਕੋਈ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। (ਨੋਟ: ਇਹ ਖ਼ਬਰ ਸ਼ਿਕਾਇਤਕਰਤਾ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ ‘ਤੇ ਤਿਆਰ ਕੀਤੀ ਗਈ ਹੈ। ਸੰਬੰਧਤ ਪੱਖ ਦਾ ਪੱਖ ਸਾਹਮਣੇ ਆਉਣ ‘ਤੇ ਉਸ ਨੂੰ ਵੀ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਕੀਤਾ ਜਾਵੇਗਾ।