ਜਲੰਧਰ (TTP) :
ਜਲੰਧਰ ਦੇ ਮਿੱਠਾਪੁਰ ਚੌਂਕ ਸਥਿਤ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਦੇ ਬਿਲਕੁਲ ਨਜ਼ਦੀਕ, ਅਲੀਪੁਰ ਨੂੰ ਜਾਂਦੀ ਸੜਕ ‘ਤੇ ਚੜ੍ਹਦੇ ਹੀ ਚੌਰਾਹੇ ਦੇ ਖੱਬੇ ਪਾਸੇ ਸਥਿਤ ਆਊਟ ਲੁਕ ਹੇਅਰ ਵੇਵਿੰਗ ਸੈਂਟਰ ਨਾਮਕ ਸੈਲੂਨ ਦੀ ਦੁਕਾਨ ਦੀ ਉਪਰਲੀ ਮੰਜ਼ਿਲ ‘ਤੇ ਕਥਿਤ ਤੌਰ ‘ਤੇ ਨਜਾਇਜ਼ ਉਸਾਰੀ ਕੀਤੀ ਜਾ ਰਹੀ ਹੈ। ਇਲਾਕਾ ਵਾਸੀਆਂ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਇਹ ਉਸਾਰੀ ਬਿਨਾਂ ਲੋੜੀਂਦੀਆਂ ਮਨਜ਼ੂਰੀਆਂ ਅਤੇ ਨਕਸ਼ਾ ਪਾਸ ਕਰਵਾਏ ਕੀਤੀ ਜਾ ਰਹੀ ਹੈ, ਜਿਸ ਨਾਲ ਸਰਕਾਰੀ ਰੈਵੇਨਿਊ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਹੈ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਸ ਇਮਾਰਤ ਦਾ ਗਰਾਊਂਡ ਫਲੋਰ ਵੀ ਕਥਿਤ ਤੌਰ ‘ਤੇ ਬਿਨਾਂ ਮਨਜ਼ੂਰਸ਼ੁਦਾ ਨਕਸ਼ੇ ਦੇ ਬਣਾਇਆ ਗਿਆ ਸੀ ਅਤੇ ਹੁਣ ਉਸੇ ਇਮਾਰਤ ਦੀ ਉਪਰਲੀ ਮੰਜ਼ਿਲ ਦਾ ਨਿਰਮਾਣ ਵੀ ਜਾਰੀ ਹੈ। ਦੋਸ਼ ਇਹ ਵੀ ਹਨ ਕਿ ਨਗਰ ਨਿਗਮ ਦੇ ਕੁਝ ਅਧਿਕਾਰੀਆਂ ਨਾਲ ਕਥਿਤ ਮਿਲੀਭੁਗਤ ਕਾਰਨ ਇਸ ਉਸਾਰੀ ਖ਼ਿਲਾਫ਼ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਕੀਤੀ ਜਾ ਰਹੀ। ਜੇਕਰ ਇਹ ਦੋਸ਼ ਸਹੀ ਪਾਏ ਜਾਂਦੇ ਹਨ ਤਾਂ ਇਹ ਮਾਮਲਾ ਨਾ ਸਿਰਫ਼ ਇਮਾਰਤੀ ਨਿਯਮਾਂ ਦੀ ਉਲੰਘਣਾ ਦਾ ਹੈ, ਸਗੋਂ ਸਰਕਾਰੀ ਰੈਵੇਨਿਊ ਨੂੰ ਨੁਕਸਾਨ ਪਹੁੰਚਾਉਣ ਅਤੇ ਸੰਬੰਧਿਤ ਅਧਿਕਾਰੀਆਂ ਦੀ ਜ਼ਿੰਮੇਵਾਰੀ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪ੍ਰਸ਼ਾਸਨ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਉਕਤ ਇਮਾਰਤ ਦੇ ਮਨਜ਼ੂਰਸ਼ੁਦਾ ਨਕਸ਼ੇ, ਬਿਲਡਿੰਗ ਪਰਮਿਟ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕਰਵਾਈ ਜਾਵੇ। ਜੇਕਰ ਨਿਰਮਾਣ ਨਿਯਮਾਂ ਦੇ ਉਲਟ ਪਾਇਆ ਜਾਂਦਾ ਹੈ ਤਾਂ ਪੰਜਾਬ ਮਿਊਂਸਿਪਲ ਕਾਨੂੰਨਾਂ ਅਨੁਸਾਰ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਗੈਰ-ਕਾਨੂੰਨੀ ਉਸਾਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਜੇਕਰ ਕਿਸੇ ਅਧਿਕਾਰੀ ਦੀ ਕਥਿਤ ਮਿਲੀਭੁਗਤ ਸਾਹਮਣੇ ਆਉਂਦੀ ਹੈ ਤਾਂ ਉਸ ਖ਼ਿਲਾਫ਼ ਵੀ ਸਖ਼ਤ ਵਿਭਾਗੀ ਅਤੇ ਕਾਨੂੰਨੀ ਕਾਰਵਾਈ ਕੀਤੀ ਜਾਵੇ।

