ਜਲੰਧਰ ਵਿੱਚ ਨਜਾਇਜ਼ ਮਾਰਕੀਟਾਂ ਦਾ ਸਿਲਸਿਲਾ ਜਾਰੀ! ਕੀ ਨਗਰ ਨਿਗਮ ਦੀ ਚੁੱਪੀ ਨੇ ਭੂ-ਮਾਫੀਆ ਦੇ ਹੌਸਲੇ ਕੀਤੇ ਬੁਲੰਦ?

ਜਲੰਧਰ, (ਦਿਨੇਸ਼ ਕੁਮਾਰ ‘ਬੱਬੂ’) : ਜਲੰਧਰ ਦੇ ਬਾਬੂ ਜਗਜੀਵਨ ਰਾਮ ਚੌਂਕ ਤੋਂ ਬਸਤੀ ਗੁਜ਼ਾਂ ਵੱਲ ਜਾਂਦੇ ਹੋਏ ਬਾਬਾ ਬਾਲਕ ਨਾਥ ਮੰਦਰ ਨੂੰ ਲੰਘਦੇ ਹੀ ਸੱਜੇ ਪਾਸੇ ਕੁਝ ਦੂਰੀ ‘ਤੇ ਕਥਿਤ ਤੌਰ ‘ਤੇ ਪੁਰਾਣੀਆਂ ਦੁਕਾਨਾਂ ਦੇ ਪਿਛਲੇ ਹਿੱਸੇ ਵਿੱਚ ਵੱਡੇ ਪੱਧਰ ‘ਤੇ ਨਵੀਆਂ ਦੁਕਾਨਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਇਹ ਸਾਰੀ ਉਸਾਰੀ ਬਿਨਾਂ ਲੋੜੀਂਦੀਆਂ ਮਨਜ਼ੂਰੀਆਂ ਅਤੇ ਨਕਸ਼ਾ ਪਾਸ ਕਰਵਾਏ ਕੀਤੀ ਜਾ ਰਹੀ ਹੈ। ਦੋਸ਼ ਹੈ ਕਿ ਪੂਰੀ ਮਾਰਕੀਟ ਨੂੰ ਕਥਿਤ ਤੌਰ ‘ਤੇ ਗੈਰ-ਕਾਨੂੰਨੀ ਢੰਗ ਨਾਲ ਤਿਆਰ ਕੀਤਾ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਨਿਯਮਾਂ ਦੀ ਖੁੱਲ੍ਹੀ ਉਲੰਘਣਾ ਹੋਣ ਦੇ ਨਾਲ-ਨਾਲ ਸਰਕਾਰ ਦੇ ਰੈਵੇਨਿਊ ਨੂੰ ਵੀ ਵੱਡਾ ਨੁਕਸਾਨ ਪਹੁੰਚਣ ਦੀ ਸੰਭਾਵਨਾ ਹੈ। ਇੰਨੇ ਵੱਡੇ ਪੱਧਰ ‘ਤੇ ਨਿਰਮਾਣ ਕੰਮ ਹੋਣ ਦੇ ਬਾਵਜੂਦ ਸਬੰਧਤ ਵਿਭਾਗਾਂ ਵੱਲੋਂ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਾ ਹੋਣ ਕਾਰਨ ਕਈ ਗੰਭੀਰ ਸਵਾਲ ਖੜ੍ਹੇ ਹੋ ਰਹੇ ਹਨ। ਸਵਾਲ ਇਹ ਵੀ ਉੱਠਦਾ ਹੈ ਕਿ ਜੇਕਰ ਮੇਨ ਬਾਜ਼ਾਰ ਵਿੱਚ ਦਿਨ-ਦਿਹਾੜੇ ਇਸ ਤਰ੍ਹਾਂ ਮਾਰਕੀਟਾਂ ਖੜ੍ਹੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਨਗਰ ਨਿਗਮ ਜਲੰਧਰ ਦੇ ਅਧਿਕਾਰੀ ਆਖ਼ਿਰ ਕਿਸ ਗੱਲ ਦੀ ਉਡੀਕ ਕਰ ਰਹੇ ਹਨ? ਕੀ ਕਾਨੂੰਨ ਸਿਰਫ਼ ਆਮ ਲੋਕਾਂ ਲਈ ਹੈ ਜਾਂ ਫਿਰ ਪ੍ਰਭਾਵਸ਼ਾਲੀ ਲੋਕਾਂ ਲਈ ਵੱਖਰੇ ਨਿਯਮ ਹਨ? ਦੋਸ਼ ਇਹ ਵੀ ਲੱਗ ਰਹੇ ਹਨ ਕਿ ਮਾਰਕੀਟ ਦਾ ਨਿਰਮਾਣ ਕਰਵਾ ਰਿਹਾ ਮਾਲਕ ਸਰਕਾਰੀ ਨਿਯਮਾਂ ਨੂੰ ਅਣਦੇਖਾ ਕਰਦਿਆਂ ਬੇਖੌਫ਼ ਹੋ ਕੇ ਕੰਮ ਜਾਰੀ ਰੱਖਿਆ ਹੋਇਆ ਹੈ, ਜਿਵੇਂ ਉਸ ਨੂੰ ਕਿਸੇ ਵੀ ਕਾਨੂੰਨੀ ਕਾਰਵਾਈ ਦਾ ਡਰ ਹੀ ਨਾ ਹੋਵੇ। ਜੇਕਰ ਇਹ ਦੋਸ਼ ਸਹੀ ਹਨ ਤਾਂ ਇਹ ਨਾ ਸਿਰਫ਼ ਨਗਰ ਨਿਗਮ ਦੀ ਕਾਰਗੁਜ਼ਾਰੀ ‘ਤੇ ਸਵਾਲੀਆ ਨਿਸ਼ਾਨ ਲਗਾਉਂਦੇ ਹਨ, ਸਗੋਂ ਕਾਨੂੰਨ ਦੇ ਰਾਜ ਨੂੰ ਵੀ ਚੁਣੌਤੀ ਦੇਣ ਦੇ ਬਰਾਬਰ ਹਨ। ਹੁਣ ਦੇਖਣਾ ਇਹ ਹੋਵੇਗਾ ਕਿ ਨਗਰ ਨਿਗਮ ਜਲੰਧਰ ਅਤੇ ਸਬੰਧਤ ਬਿਲਡਿੰਗ ਸ਼ਾਖਾ ਇਸ ਮਾਮਲੇ ਦੀ ਜਾਂਚ ਕਰਕੇ ਕਥਿਤ ਗੈਰ-ਕਾਨੂੰਨੀ ਨਿਰਮਾਣ ਖ਼ਿਲਾਫ਼ ਕੋਈ ਠੋਸ ਕਾਰਵਾਈ ਕਰਦੀ ਹੈ ਜਾਂ ਫਿਰ ਇਹ ਮਾਮਲਾ ਵੀ ਹੋਰ ਕਈ ਮਾਮਲਿਆਂ ਵਾਂਗ ਫਾਈਲਾਂ ਵਿੱਚ ਹੀ ਦੱਬ ਕੇ ਰਹਿ ਜਾਂਦਾ ਹੈ।